ਫ਼ਰੀਦਕੋਟ: ਐੱਸਆਈਟੀ ਨੇ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਨੂੰ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਐੱਫਆਈਆਰ ਨੰਬਰ 129/2018 ਵਿੱਚ ਨਾਮਜ਼ਦ ਕਰ ਲਿਆ ਹੈ। ਕੋਟਕਪੂਰਾ ਗੋਲੀਕਾਂਡ ਵਿੱਚ ਸਾਬਕਾ ਡੀਜੀਪੀ ਨੂੰ ਨਾਮਜ਼ਦ ਕਰਨ ਬਾਰੇ ਥਾਣਾ ਸਿਟੀ ਕੋਟਕਪੂਰਾ ਵਿੱਚ ਡੀਡੀਆਰ ਦਰਜ ਕਰ ਡਿਊਟੀ ਮੈਜਿਸਟਰੇਟ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮਹਿਲਕਲਾਂ ਗੋਲੀਕਾਂਡ ਦੀ ਤਰ੍ਹਾਂ ਇਸ ਕੇਸ ਵਿੱਚ ਵੀ ਅਜੇ ਤੱਕ ਐੱਸਆਈਟੀ ਵੱਲੋਂ ਸਾਬਕਾ ਪੁਲਿਸ ਮੁਖੀ ਦੀ ਭੂਮਿਕਾ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੌਰਾਨ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ਤੇ ਪੁਲਿਸ ਵਿਚਕਾਰ ਝੜਪਾਂ ਹੋਈਆਂ ਸਨ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿੱਖ ਪ੍ਰਦਰਸ਼ਨਕਾਰੀ ਅਤੇ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਅਤੇ ਬਹਿਬਲ ਕਲਾਂ ਵਿਖੇ ਗੋਲੀ ਲੱਗਣ ਨਾਲ 2 ਸਿੱਖ ਪ੍ਰਦਰਸ਼ਨਕਾਰੀਆਂ ਦੀ ਮੌਤ ਵੀ ਹੋ ਗਈ, ਇਸ ਦਾ ਜ਼ਿੰਮੇਵਾਰ ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੂੰ ਮੰਨਿਆ ਗਿਆ। ਇਸ ਮਾਮਲੇ ਵਿੱਚ ਪਹਿਲਾਂ ਹੀ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਅਤੇ ਸਸਪੈਂਡ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮੁਲਜ਼ਮ ਐਲਾਨਿਆ ਜਾ ਚੁੱਕਿਆ ਹੈ।