ਫ਼ਰੀਦਕੋਟ : ਜ਼ਿਲ੍ਹੇ 'ਚ 6 ਫਰਵਰੀ ਨੂੰ ਇੱਕ ਠੇਕੇਦਾਰ ਕਰਨ ਕਟਾਰੀਆ ਨੇ ਆਪਣੇ ਦੋ ਮਾਸੂਮ ਬੱਚਿਆ ਅਤੇ ਪਤਨੀ ਨੂੰ ਗੋਲੀਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਨੂੰ ਲੈ ਕੇ ਮ੍ਰਿਤਕ ਦੇ ਭਰਾ ਨੇ ਰਾਜਾ ਵੜਿੰਗ ਦੇ ਸਾਲੇ 'ਤੇ ਖ਼ੁਦਕੁਸ਼ੀ ਕਰਨ ਲਈ ਉਕਸਾਏ ਜਾਣ ਦੇ ਦੋਸ਼ ਲਾਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮ੍ਰਿਤਕ ਠੇਕੇਦਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ।
ਸੁਖਬੀਰ ਸਿੰਘ ਬਾਦਲ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨਾਲ ਬਹੁਤ ਜਿਆਦਤੀ ਹੋਈ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡਾ ਸਦਮਾ ਲੱਗਾ ਹੈ। ਉਨ੍ਹਾਂ ਕਿਹਾ ਉਹ ਬਹੁਤਾ ਕੁੱਝ ਨਹੀਂ ਕਹਿਣਾ ਚਾਹੁੰਦੇ ਉਹ ਮਹਿਜ਼ ਪੀੜਤ ਪਰਿਵਾਰ ਨਾਲ ਦੁਖ ਸਾਂਝਾ ਕਰਨ ਆਏ ਹਨ। ਉਨ੍ਹਾਂ ਪੀੜਤ ਪਰਿਵਾਰ ਨੂੰ ਮਾਮਲੇ ਦੀ ਜਾਂਚ ਦੌਰਾਨ ਹਰ ਸੰਭਵ ਮਦਦ ਦੇਣ ਦੀ ਗੱਲ ਆਖੀ।
ਦੱਸਣਯੋਗ ਹੈ ਕਿ ਇਸ ਠੇਕੇਦਾਰ ਕਰਨ ਕਟਾਰੀਆ ਦੇ ਖ਼ੁਦਕੁਸ਼ੀ ਮਾਮਲੇ ਨੂੰ 72 ਘੰਟਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਧਾਰਾ 306 ਤੇ ਮ੍ਰਿਤਕ ਠੇਕੇਦਾਰ ਦੇ ਭਰਾ ਦੀ ਸ਼ਿਕਾਇਤ ਤਹਿਤ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਨੇ ਪੈਸਿਆਂ ਦੇ ਲੈਣ-ਦੇਣ ਦੇ ਚਲਦੇ ਰਾਜਾ ਵੜਿੰਗ ਦੇ ਸਾਲੇ ਵੱਲੋਂ ਠੇਕੇਦਾਰ ਨੂੰ ਖ਼ੁਦਕੁਸ਼ੀ ਕਰਨ ਲਈ ਉਕਸਾਏ ਜਾਣ ਦੇ ਦੋਸ਼ ਲਾਏ ਹਨ। ਇਸ ਬਾਰੇ ਦੱਸਦੇ ਹੋਏ ਫ਼ਰੀਦਕੋਟ ਦੇ ਡੀਐਸਪੀ ਸਤਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਸ ਘਟਨਾ 'ਚ ਠੇਕੇਦਾਰ ਤੇ ਉਸ ਦੇ ਦੋਹਾਂ ਮਾਸੂਮ ਬੱਚਿਆਂ ਦੀ ਮੌਤ ਹੋ ਗਈ ਹੈ। ਇਸ ਮਾਮਲੇ ਦੀ ਜਾਂਚ ਸਿੱਟੀ ਫ਼ਰੀਦਕੋਟ ਦੇ ਮੁੱਖ ਅਫਸਰ ਗੁਰਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਸਬੰਧੀ ਸਬੂਤਾਂ ਦੀ ਭਾਲ ਕਰ ਰਹੀ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਅਤੇ ਇਨਸਾਫ ਦਵਾਉਣ ਦਾ ਭਰੋਸਾ ਦਿੱਤਾ।