ਫਰੀਦਕੋਟ: ਠੇਕੇਦਾਰੀ ਸਿਸਟਮ ਬੰਦ ਕਰਨ ਅਤੇ ਕੱਚੇ ਸਫਾਈ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲੈਕੇ ਚਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ ਹੈ। ਇਸ ਹੜਤਾਲ ਦੌਰਾਨ ਜਿੱਥੇ ਸਫਾਈ ਕਰਮੀਆਂ ਦੀ ਕੋਈ ਸਹਿਮਤੀ ਨਹੀਂ ਬਣ ਸਕੀ ਹੈ ਉੱਥੇ ਹੀ ਦੂਜੇ ਪਾਸੇ ਸ਼ਹਿਰ ’ਚ ਸਫਾਈ ਵਿਵਸਥਾ ਬੁਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ। ਹੜਤਾਲ ਕਾਰਨ ਸ਼ਹਿਰ ’ਚ ਵੱਖ ਵੱਖ ਥਾਵਾਂ ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਪੰਜਾਬ ਪੱਧਰ ’ਤੇ ਸਫਾਈ ਸੇਵਕਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ 9 ਜੂਨ ਨੂੰ ਪੰਜਾਬ ਭਰ ਚੋ ਸਫਾਈ ਕਰਮੀ ਪਟਿਆਲਾ ਵਿਖੇ ਇਕੱਠੇ ਹੋਕੇ ਰੋਸ਼ ਪ੍ਰਦਰਸ਼ਨ ਕਰਨਗੇ ਅਤੇ ਨਾਲ ਹੀ ਮੋਤੀ ਮਹਿਲ ਦਾ ਘੇਰਾਓ ਕੀਤਾ ਜਾਵੇਗਾ।
ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕੇ ਠੇਕੇਦਾਰੀ ਸਿਸਟਮ ਬੰਦ ਕਰ ਸਫਾਈ ਕਰਮੀਆਂ ਨੂੰ ਨਗਰ ਕੌਂਸਲ ਦੇ ਅਧੀਨ ਕੀਤਾ ਜਾਵੇ ਕਿਉਂਕਿ ਉਹ ਪਿਛਲੇ 15 - 15 ਸਾਲ ਤੋਂ ਬਹੁਤ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਹਨ। ਜਿਸ ਨਾਲ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੈ। ਉਹ ਕਾਫੀ ਸਮੇਂ ਤੋਂ ਹੜਤਾਲ ਕਰ ਰਹੇ ਹਨ ਪਰ ਸਰਕਾਰ ਵਲੋਂ ਉਨ੍ਹਾਂ ਨਾਲ ਕੋਈ ਗਲਬਾਤ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਦੇਸ਼ ਨੂੰ ਸਾਫ ਸੁਥਰਾ ਰੱਖਣ ਚ ਅਹਿਮ ਰੋਲ ਅਦਾ ਕਰਦੇ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਦਰਕਨਾਰ ਕਰ ਰਹੀ ਹੈ।
ਇਸ ਸਬੰਧੀ ਨਗਰ ਕੌਂਸਲ ਦੇ ਕਾਰਜਕਾਰੀ ਅਫਸਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਸਫਾਈ ਕਰਮਚਾਰੀਆਂ ਦੀਆਂ ਪੰਜਾਬ ਪੱਧਰ ਦੀਆਂ ਮੰਗਾਂ ਨੇ ਜਿਸ ਸਬੰਧੀ ਸਥਾਨਕ ਸਰਕਾਰਾਂ ਦੇ ਮੰਤਰੀ ਨਾਲ ਇਨ੍ਹਾਂ ਦੀ ਗੱਲਬਾਤ ਚਲ ਰਹੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਪੁਲਿਸ ਦੀ ਮਦਦ ਨਾਲ ਸ਼ਹਿਰ ਚੋ ਕੂੜਾ ਚੁਕਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਇਸਦਾ ਸਫਾਈ ਕਰਮੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ।
ਇਸ ਮੌਕੇ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸ਼ਹਿਰ ਅੰਦਰ ਸੜਕਾਂ ’ਤੇ ਲੱਗੇ ਕੁੜੇ ਦੇ ਢੇਰਾਂ ਕਰਕੇ ਉਨ੍ਹਾਂ ਨੂੰ ਬਹੁਤ ਪਰੇਸ਼ਾਨੀ ਹੋ ਰਹੀ ਹੈ। ਜਿਸ ਕਾਰਨ ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਇਸ ਮਸਲੇ ਦਾ ਹਲ ਕਰੇ ਨਹੀ ਤਾਂ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲਣ ਦਾ ਡਰ ਬਣਿਆ ਰਹੇਗਾ।
ਇਹ ਵੀ ਪੜੋ: ਸਰਕਾਰਾਂ ਨੂੰ ਸਿੱਖ ਕੌਮ ਨਾਲ ਨਹੀਂ ਕੋਈ ਹਮਦਰਦੀ: ਸਿਮਰਜੀਤ ਸਿੰਘ ਮਾਨ