ਫ਼ਰੀਦਕੋਟ: ਦਿੱਲੀ ਬਾਰਡਰ ਉੱਤੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਕੁਝ ਲੋਕਾਂ ਨੇ ਕਿਸਾਨਾਂ ’ਤੇ ਪੱਥਰਬਾਜ਼ੀ ਕੀਤੀ। ਇਸ ਦੌਰਾਨ ਦਿੱਲੀ ਪੁਲਿਸ ਵੱਲੋਂ ਇੱਕ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਦੀਆਂ ਤਸਵੀਰਾਂ ਵੀ ਬਹੁਤ ਵਾਇਰਲ ਹੋ ਰਹੀਆਂ ਹਨ। ਇਸ ਸਬੰਧੀ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇੱਕ ਸ਼ਿਕਾਇਤ ਪੱਤਰ ਦਿੱਤਾ।
ਪੁਲਿਸ ਮੁਲਾਜ਼ਮਾਂ ’ਤੇ ਕਾਰਵਾਈ ਕਰਨ ਦੀ ਮੰਗ
ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਧਰਨੇ ਵਿੱਚ ਖਲਲ ਪਾਉਣ ਲਈ ਕੁਝ ਲੋਕਾਂ ਵੱਲੋਂ ਕਿਸਾਨਾਂ ਦੇ ਟੈਂਟ ਪਾੜੇ ਗਏ ਤੇ ਉਨ੍ਹਾਂ ’ਤੇ ਪਥਰਾਅ ਵੀ ਕੀਤਾ ਗਿਆ। ਜਦਕਿ ਮੌਕੇ ’ਤੇ ਮੌਜੂਦ ਦਿੱਲੀ ਪੁਲਿਸ ਸਭ ਕੁਝ ਮੂਕ ਦਰਸ਼ਕ ਬਣ ਦੇਖਦੀ ਰਹੀ।
ਉਨ੍ਹਾਂ ਨੇ ਕਿਹਾ ਕਿ ਪਥਰਾਅ ਕਰਨ ਵਾਲਿਆਂ ’ਤੇ ਕਾਰਵਾਈ ਕਰਨ ਦੀ ਬਜਾਏ ਧਰਨੇ ’ਚ ਸ਼ਾਮਲ ਇੱਕ ਸਿੱਖ ਨੌਜਵਾਨ ਨੂੰ ਦਿੱਲੀ ਪੁਲਿਸ ਨੇ ਬੇਰਹਿਮੀ ਨਾਲ ਕੁੱਟਿਆ, ਤੇ ਉਸ ਦੇ ਕਕਾਰਾਂ ਦੀ ਵੀ ਬੇਅਦਬੀ ਕੀਤੀ। ਇਸ ਸਬੰਧੀ ਅਸੀ ਐਸਐਸਪੀ ਫ਼ਰੀਦਕੋਟ ਨੂੰ ਸ਼ਿਕਾਇਤ ਦਿੱਤੀ ਹੈ ਕਿ ਕੁੱਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਰ ਉਨ੍ਹਾਂ ’ਤੇ ਬਣਦੀ ਕਾਰਵਾਈ ਕੀਤੀ ਜਾਵੇ।