ਫ਼ਰੀਦਕੋਟ: ਬਹਿਬਲਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਅਟਾਰਨੀ ਰਾਹੀਂ ਅਦਾਲਤ ਵਿੱਚ ਲਿਖਤੀ ਅਰਜ਼ੀ ਦੇ ਕੇ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਉੱਪਰ ਗਵਾਹਾਂ ਅਤੇ ਜਾਂਚ ਏਜੰਸੀਆਂ ਨੂੰ ਦਬਾਉਣ ਦਾ ਦੋਸ਼ ਲਾਇਆ ਹੈ।
ਵਿਸ਼ੇਸ਼ ਜਾਂਚ ਟੀਮ ਨੇ ਦਾਅਵਾ ਕੀਤਾ ਕਿ 19 ਫਰਵਰੀ ਨੂੰ ਉਮਰਾਨੰਗਲ ਸੈਸ਼ਨ ਕੋਰਟ ਵਿੱਚ ਪੇਸ਼ ਹੋਇਆ ਸੀ ਅਤੇ ਇਸ ਸਮੇਂ ਉਸ ਨਾਲ ਵੱਡੀ ਗਿਣਤੀ ਵਿੱਚ ਅਣਪਛਾਤੇ ਵਿਅਕਤੀ ਸਨ। ਜਾਂਚ ਟੀਮ ਨੇ ਆਪਣੀ ਦਰਖਾਸਤ ਵਿੱਚ ਕਿਹਾ ਕਿ ਇਸ ਤੱਥ ਦੀ ਪੁਸ਼ਟੀ ਲਈ ਸੈਸ਼ਨ ਕੋਰਟ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਫੁਟੇਜ ਸਾਂਭੀਆਂ ਜਾਣੀਆਂ ਲਾਜ਼ਮੀ ਹਨ।
ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਪਰਮਰਾਜ ਸਿੰਘ ਉਮਰਾਨੰਗਲ ਅਤੇ 19 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਏ ਸਾਰੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 24 ਫਰਵਰੀ ਨੂੰ ਸਵੇਰੇ 10 ਵਜੇ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਅੱਜ ਅਦਾਲਤ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਕਰੇਗੀ। ਦੱਸਣਯੋਗ ਹੈ ਕਿ 19 ਫਰਵਰੀ ਨੂੰ ਸ਼ੈਸ਼ਨ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲਕਲਾਂ ਕਾਂਡ ਮਾਮਲੇ ਦੀ ਸੁਣਵਾਈ ਸੀ ਜਿਸ ਵਿੱਚ ਉਮਰਾਨੰਗਲ ਅਤੇ ਬਾਕੀ ਮੁਲਜ਼ਮ ਹਾਜ਼ਰ ਹੋਏ ਸਨ।
ਸੁਮੇਧ ਸੈਣੀ ਦੀ ਜ਼ਮਾਨਤ ’ਤੇ ਸੁਣਵਾਈ 2 ਮਾਰਚ ਤੱਕ ਟਲ਼ੀ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਕੋਟਕਪੂਰਾ ਗੋਲੀ ਕਾਂਡ ਵਿੱਚ ਇੱਥੇ ਅਗਾਉਂ ਜ਼ਮਾਨਤ ਲਈ ਦਿੱਤੀ ਅਰਜ਼ੀ ਉੱਪਰ ਸੁਣਵਾਈ 2 ਮਾਰਚ ਤੱਕ ਟਲ਼ ਗਈ ਹੈ।
ਇਹ ਵੀ ਪੜ੍ਹੋ: ਸ਼ਮਸ਼ੇਰ ਸਿੰਘ ਸੰਧੂ ਅਤੇ ਹਰਦੇਵ ਸਿੰਘ ਧਨੌਵਾ ਜਾਗੋ ਪਾਰਟੀ ਵਿੱਚ ਹੋਏ ਸ਼ਾਮਲ