ਫਰੀਦਕੋਟ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਵਤੀਰੇ ਤੋਂ ਨਿਰਾਸ਼ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਣ ਦੀ ਪੁਸ਼ਟੀ ਕੀਤੀ ਹੈ। ਉਸਨੇ ਇਹ ਵੀ ਕਿਹਾ ਕਿ ਉਸਨੇ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਅਜਿਹੇ ਵਿਵਹਾਰ ਦਾ ਸਾਹਮਣਾ ਕੀਤਾ ਹੈ।
ਇਹ ਸੀ ਪੂਰਾ ਮਾਮਲਾ: ਦੱਸ ਦੇਈਏ ਕਿ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ੁੱਕਰਵਾਰ ਨੂੰ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਨਿਰੀਖਣ ਕੀਤਾ ਸੀ। ਇਸ ਦੌਰਾਨ ਚਮੜੀ ਵਾਰਡ ਦੇ ਫਟੇ ਅਤੇ ਗੰਦੇ ਗੱਦੇ ਨੂੰ ਦੇਖ ਕੇ ਉਹ ਗੁੱਸੇ 'ਚ ਆ ਗਏ। ਉਨ੍ਹਾਂ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮੜੀ ਵਿਭਾਗ ਦੇ ਉਨ੍ਹਾਂ ਗੰਦੇ ਬੈਡਾਂ ’ਤੇ ਲੇਟਣ ਲਈ ਕਿਹਾ, ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ।
ਮੰਤਰੀ ਦੇ ਹੁਕਮਾਂ ਮਗਰੋਂ ਵੀਸੀ ਬੈੱਡ ’ਤੇ ਲੇਟ ਗਏ। ਹਸਪਤਾਲ ਦੇ ਅਧਿਕਾਰੀਆਂ ਨੇ ਗੰਦੇ ਬੈੱਡਾਂ ’ਤੇ ਚਿੱਟੀਆਂ ਚਾਦਰਾਂ ਵਿਛਾਈਆਂ ਹੋਈਆਂ ਸਨ, ਜਿਸ ਦੀ ਜਾਣਕਾਰੀ ਪਹਿਲਾਂ ਹੀ ਮੰਤਰੀ ਨੂੰ ਮਿਲ ਗਈ ਸੀ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਵੀਸੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।
ਮੰਤਰੀ ਨੇ ਕਿਹਾ ਕਿ ਇਹ ਚਮੜੀ ਰੋਗਾਂ ਦਾ ਵਾਰਡ ਹੈ ਅਤੇ ਤੁਹਾਨੂੰ ਪਤਾ ਹੈ ਕਿ ਚਮੜੀ ਰੋਗਾਂ ਵਿੱਚ ਕਿੰਨੀ ਸਫਾਈ ਦੀ ਲੋੜ ਹੁੰਦੀ ਹੈ। ਇਸ ’ਤੇ ਵੀਸੀ ਨੇ ਕਿਹਾ ਕਿ ਫੰਡਾਂ ਦੀ ਘਾਟ ਕਾਰਨ ਮੰਜੇ ਤੇ ਬਿਸਤਰਿਆਂ ਦਾ ਪ੍ਰਬੰਧ ਨਹੀਂ ਹੋ ਸਕਿਆ। ਸਿਹਤ ਮੰਤਰੀ ਨੇ ਫਿਰ ਕਿਹਾ ਕਿ ਤੁਸੀਂ ਇੱਥੋਂ ਦੇ ਅਧਿਕਾਰੀ ਹੋ। ਤੁਸੀਂ ਸਿਸਟਮ ਨੂੰ ਠੀਕ ਕਰ ਸਕਦੇ ਹੋ। ਤੁਹਾਡੇ ਕੋਲ ਜੋ ਵੀ ਹੈ, ਤੁਸੀਂ ਇਸ ਨੂੰ ਸਾਫ਼ ਕਰ ਸਕਦੇ ਹੋ।
ਇਹ ਵੀ ਪੜ੍ਹੋ:ਗੁੱਸੇ 'ਚ ਆਏ ਸਿਹਤ ਮੰਤਰੀ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਗੰਦੇ ਬੈੱਡ 'ਤੇ ਲਿਟਾਇਆ !