ਫਰੀਦਕੋਟ: ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਲੁਭਾਵਣੇ ਵਾਅਦਿਆਂ ਵਿਚੋਂ ਸਰਕਾਰ ਕਰੀਬ ਸਾਢੇ 3 ਸਾਲ ਬੀਤ ਜਾਣ ਬਾਅਦ ਵੀ ਪੂਰਾ ਨਹੀਂ ਕਰ ਸਕੀ ਇਸ ਮੁੱਦੇ ਨੂੰ ਲੈ ਕੇ ਹੁਣ ਅਕਾਲੀ ਦਲ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ।
ਹਾਲ ਹੀ ਦੇ ਵਿੱਚ ਪੰਜਾਬ ਸਰਕਾਰ ਵਲੋਂ ਇੱਕ ਨਿਜੀ ਅੰਗਰੇਜ਼ੀ ਅਖ਼ਬਾਰ ਵਿੱਚ ਘਰ-ਘਰ ਰੁਜ਼ਗਾਰ ਸਕੀਮ ਸਬੰਧੀ ਇਸ਼ਤਿਹਾਰ ਲਗਾਇਆ ਗਿਆ ਸੀ। ਜਿਸ ਵਿੱਚ 90 ਹਜ਼ਾਰ ਲੋਕਾਂ ਨੂੰ ਪ੍ਰਾਈਵੇਟ ਖੇਤਰ ਵਿੱਚ ਨੌਕਰੀਆਂ ਦੇਣ ਦਾ ਜ਼ਿਕਰ ਕੀਤਾ ਸੀ। ਜਿਸ ਨੂੰ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਘਰ ਘਰ ਰੁਜ਼ਗਾਰ ਦੇ ਵਾਅਦੇ 'ਤੇ ਪੰਜਾਬ ਸਰਕਾਰ ਨੂੰ ਘੇਰਿਆ। ਪਰਮਬੰਸ ਸਿੰਘ ਰੋਮਾਣਾ ਨੇ ਕੈਪਟਨ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਮੈਨੀਫ਼ੈਸਟੋ ਵਿੱਚ ਕੀਤੇ ਹਰ ਵਾਅਦੇ ਤੋਂ ਮੁਕਰੀ ਹੈ। ਜੇਕਰ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਜਾਰੀ ਨਾ ਕੀਤਾ ਤਾਂ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਮੰਤਰੀਆਂ ਦਾ ਘਿਰਾਉ ਕਰਨਗੇ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਸਮੇਂ ਮੈਨੀਫੈਸਟੋ ਵਿੱਚ ਹਰ ਘਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਕਰੀਬ ਸਾਢੇ ਤਿੰਨ ਸਾਲ ਬੀਤ ਜਾਣ ਬਾਅਦ ਵੀ ਇੱਕ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਅਤੇ ਨਾ ਹੀ ਕਿਸੇ ਨੌਜਵਾਨ ਨੂੰ ਵਾਅਦੇ ਮੁਤਾਬਿਕ 2500 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਹੈ।
ਉਨ੍ਹਾਂ ਕਿਹਾ ਕੈਪਟਨ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਸਾਲ 1 ਲੱਖ ਟੈਕਸੀ ਦੇਣ ਦਾ ਵੀ ਵਾਅਦਾ ਕੀਤਾ ਸੀ, ਪੇਂਡੂ ਖੇਤਰ ਦੇ ਨੌਜਵਾਨਾਂ ਨੂੰ 35 ਹਾਰਸ ਪਾਵਰ ਦੇ ਟਰੈਕਟਰ ਸਬਸਿਡੀ 'ਤੇ ਦੇਣ ਦਾ ਵੀ ਵਾਅਦਾ ਕੀਤਾ ਸੀ ਪਰ ਅੱਜ ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ।