ਸ੍ਰੀ ਫਤਹਿਗੜ੍ਹ ਸਾਹਿਬ: ਦੇਸ਼ ਦੀ ਆਜ਼ਾਦੀ ਦੀ ਜੰਗ ਵਿੱਚ ਸ਼ਹੀਦ ਊਧਮ ਸਿੰਘ ਵੱਲੋਂ ਕੀਤੇ ਸੰਘਰਸ਼ ਅਤੇ ਦਿੱਤੀ ਕੁਰਬਾਨੀ ਦਾ ਬਹੁਤ ਵੱਡਾ ਯੋਗਦਾਨ ਹੈ। ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਹਵਾ ਵਿੱਚ ਸਾਹ ਲੈ ਰਹੇ ਹਾਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨੇ ਸ਼ਹੀਦ ਊਧਮ ਸਿੰਘ ਜੀ ਦੇ ਸਮਾਰਕ ਵਿਖੇ ਉਹਨਾਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਦਾ ਦੇ ਫੁੱਲ ਭੇਟ ਕਰਦਿਆਂ ਕੀਤਾ।
ਸੁਫਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ: ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਸ਼ਹੀਦਾਂ ਦਾ ਇਹ ਸੁਫਨਾ ਸੀ ਕਿ ਦੇਸ਼ ਆਜ਼ਾਦ ਹੋਵੇ ਅਤੇ ਇੱਥੋਂ ਦੇ ਨਾਗਰਿਕਾਂ ਨੂੰ ਉਹਨਾਂ ਦੇ ਸਾਰੇ ਹੱਕ ਮਿਲਣ ਅਤੇ ਉਹ ਆਜ਼ਾਦੀ ਨਾਲ ਆਪਣੀ ਜ਼ਿੰਦਗੀ ਜਿਉਂ ਸਕਣ। ਇਸ ਸੁਫਨੇ ਨੂੰ ਪੂਰਾ ਕਰਨ ਲਈ ਵਡੇਰਿਆਂ ਨੇ ਬਹੁਤ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ। ਜਿਨ੍ਹਾਂ ਤੋਂ ਸੇਧ ਲੈ ਕੇ ਅੱਜ ਹਰ ਇਨਸਾਨ ਨੂੰ ਸੂਬੇ ਅਤੇ ਦੇਸ਼ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰੋਜਾ ਸ਼ਰੀਫ ਨੇੜੇ ਸ਼ਹੀਦ ਊਧਮ ਸਿੰਘ ਸਮਾਰਕ ’ਤੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਦੇਸ਼ ਦੇ ਮਹਾਨ ਸ਼ਹੀਦਾਂ ਵੱਲੋਂ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਮੇਸ਼ਾ ਤਤਪਰ ਰਹੀਏ।
ਆਜ਼ਾਦੀ ਦਾ ਨਿੱਘ,ਸ਼ਹਾਦਤਾਂ ਦੀ ਦੇਣ: ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅਜੇ ਸਿੰਘ ਲਿਬੜਾ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰੋਜ਼ਾ ਸ਼ਰੀਫ ਨੇੜੇ ਸ਼ਹੀਦ ਊਧਮ ਸਿੰਘ ਸਮਾਰਕ ਵਿਖੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਉਹ ਮਹਾਨ ਸ਼ਹੀਦ ਹਨ, ਜਿਨ੍ਹਾਂ ਨੇ ਜ਼ਾਲਮ ਅੰਗਰੇਜ਼ ਹਕੂਮਤ ਵੱਲੋਂ ਜਲ੍ਹਿਆਂ ਵਾਲੇ ਬਾਗ ਵਿੱਚ ਨਿਹੱਥੇ ਤੇ ਬੇਕਸੂਰ ਲੋਕਾਂ ’ਤੇ ਕੀਤੇ ਜੁ਼ਲਮ ਦਾ ਬਦਲਾ ਜ਼ਾਲਮ ਅੰਗਰੇਜ਼ ਦੇ ਘਰ ਜਾ ਕੇ ਲਿਆ। ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਸ਼ਹੀਦਾਂ ਦੀ ਹੀ ਦੇਣ ਹੈ। ਇਸ ਕਰਕੇ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।