ਫ਼ਤਿਹਗੜ੍ਹ ਸਾਹਿਬ: ਪੁਰਾਤਨ ਵਿਭਾਗ ਵੱਲੋਂ ਸ਼ਹਿਰ ਦੇ ਸੁੰਦਰੀਕਰਨ ਦਾ ਕਾਰਜ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਐਸਜੀਪੀਸੀ ਅਤੇ ਕਾਂਗਰਸੀ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਿਚਕਾਰ ਵਿਵਾਦ ਖੜ੍ਹਾ ਹੋ ਗਿਆ। ਵਿਭਾਗ ਵੱਲੋਂ ਕੀਤੇ ਜਾ ਰਹੇ ਨਿਰਮਾਣ ਕਾਰਜ ਨੂੰ ਰੋਕੇ ਜਾਣ ਕਾਰਨ ਐਸਜੀਪੀਸੀ ਦੇ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਸਮੇਤ ਚਾਰ ਮੈਂਬਰਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਪ੍ਰਦਰਸ਼ਨ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਅਤੇ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਪੰਜਾਬ ਸਰਕਾਰ, ਪ੍ਰਸ਼ਾਸਨ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧੱਕੇਸ਼ਾਹੀ ਵਿਰੁੱਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਜੋਤੀ ਸਰੂਪ ਸਾਹਿਬ ਤੱਕ ਸਾਈਡਾਂ 'ਤੇ ਇੰਟਰਲਾਕਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਹ ਕੰਮ ਐਸਜੀਪੀਸੀ ਦੀ ਜ਼ਮੀਨ 'ਤੇ ਕੀਤਾ ਜਾ ਰਿਹਾ ਹੈ, ਜੋ ਕਿ ਕਮੇਟੀ ਦੀ ਲੰਗਰ ਵਾਲੀ ਥਾਂ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਇਸ ਸਬੰਧੀ ਨਾ ਤਾਂ ਗੁਰਦੁਆਰਾ ਕਮੇਟੀ ਤੋਂ ਮਨਜੂਰੀ ਲਈ ਗਈ ਹੈ ਅਤੇ ਨਾ ਹੀ ਸਲਾਹ ਮਸ਼ਵਰਾ ਕੀਤਾ ਗਿਆ ਹੈ। ਇਸ ਲਈ ਆਪਣੀ ਜ਼ਮੀਨ 'ਤੇ ਕਬਜ਼ੇ ਨੂੰ ਰੋਕਣ ਲਈ ਹੀ ਐਸਜੀਪੀਸੀ ਨੇ ਇਹ ਕਾਰਜ ਰੁਕਵਾਏ ਗਏ, ਪਰੰਤੂ ਵਿਧਾਇਕ ਨਾਗਰਾ ਅਤੇ ਪ੍ਰਸ਼ਾਸਨ ਨੇ ਉਲਟਾ ਉਨ੍ਹਾਂ ਦੇ ਚਾਰ ਮੈਂਬਰਾਂ 'ਤੇ ਕੇਸ ਦਰਜ ਕਰ ਦਿੱਤਾ।
ਆਗੂਆਂ ਨੇ ਕਿਹਾ ਕਿ ਜੇਕਰ ਐਸਜੀਪੀਸੀ ਮੈਂਬਰਾਂ 'ਤੇ ਪਰਚੇ ਰੱਦ ਨਾ ਕੀਤੇ ਗਏ ਅਤੇ ਜ਼ਮੀਨ 'ਤੇ ਕਬਜ਼ਾ ਨਾ ਹਟਾਇਆ ਗਿਆ ਤਾਂ ਉਹ ਪ੍ਰਦਰਸ਼ਨ ਜਾਰੀ ਰੱਖਣਗੇ ਅਤੇ ਲੋੜ ਪਈ ਤਾਂ ਹਾਈਕੋਰਟ ਦਾ ਵੀ ਰੁਖ ਕਰਨਗੇ।