ਸ੍ਰੀ ਫ਼ਤਿਹਗੜ੍ਹ ਸਾਹਿਬ: ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫਤਿਹਗੜ ਸਾਹਿਬ ਦੀ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਸੈਂਕੜੇ ਵਰਕਰਾਂ ਤੇ ਹੈਲਪਰਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੁਕਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਫੀਸ ਵਿਚ ਕੀਤਾ ਗਿਆ ਭਾਰੀ ਵਾਧਾ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤਾਂ ਉਹ ਸ਼ਾਤਮਈ ਪ੍ਰਦਰਸ਼ਨ ਕਰ ਰਹੇ ਹਨ ਪਰ ਜੇਕਰ ਵਿਦਿਆਰਥੀਆਂ 'ਤੇ ਲਾਠੀਚਾਰਜ ਕਰਨ ਵਾਲੇ ਅਤੇ ਲੜਕੀ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਸੰਘਰਸ਼ ਤੇਜ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: 11ਵੀਂ ਜਮਾਤ ਦੇ ਵਿਦਿਆਰਥੀ ਦੀ ਪੈਂਟ ਉਤਰਵਾ ਕੇ ਕੀਤੀ ਕੁੱਟਮਾਰ, ਪੱਖੇ ਨਾਲ ਲਿਆ ਫਾਹਾ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਵਿੱਚ ਨਰਿੰਦਰ ਮੋਦੀ ਸਰਕਾਰ ਬਣੀ ਸੀ ਉਸ ਸਮੇਂ ਭਾਜਪਾ ਵਾਲੇ ਕਹਿੰਦੇ ਸਨ ਕਿ ਸਿੱਖਿਆ ਸਹੁਲਤ ਮੁਫ਼ਤ ਮੁਹੱਈਆਂ ਕਰਵਾਈ ਜਾਵੇਗੀ ਪਰ ਹਕੀਕਤ ਵਿੱਚ ਉਸ ਤੋਂ ਉਲਟ ਹੋ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜੇਐਨਯੂ ਦੇ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।