ਫਤਿਹਗੜ੍ਹ ਸਾਹਿਬ: ਪਲਾਸਟਿਕ ਦੇ ਲਿਫ਼ਾਫ਼ਿਆਂ ਨੂੰ ਠੱਲ੍ਹ ਪਾਉਣ ਲਈ ਅਮਲੋਹ ਵਿੱਚ ਮਾਨਵ ਭਲਾਈ ਮੰਚ ਨੇ ਗੁਰਤੀਰਥ ਨਰਸਿੰਗ ਹੋਮ ਦੇ ਸਹਿਯੋਗ ਨਾਲ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਲੋਕਾਂ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਗੁਰਤੀਰਥ ਨਰਸਿੰਗ ਹੋਮ ਦੇ ਐੱਮਡੀ ਤੀਰਥ ਬਾਲਾ ਨੇ ਕਿਹਾ ਕਿ ਜਦੋਂ ਅਸੀਂ ਬਾਜ਼ਾਰ ਤੋਂ ਕੋਈ ਸਾਮਾਨ ਲੈਣ ਜਾਂਦੇ ਹਾਂ ਤਾਂ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਦੀ ਥਾਂ ਘਰ ਤੋਂ ਹੀ ਕੱਪੜੇ ਦਾ ਬੈਗ ਲੈ ਕੇ ਜਾਣਾ ਚਾਹੀਦਾ ਹੈ, ਕਿਉਂਕਿ ਇਹ ਲਿਫ਼ਾਫ਼ੇ ਕਾਫ਼ੀ ਸਮਾਂ ਸੜਦੇ ਨਹੀਂ ਹਨ। ਇਸ ਦੇ ਨਾਲ ਹੀ ਇਨ੍ਹਾਂ ਨਾਲ ਬਹੁਤ ਸਾਰੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਜੋ ਕਿ ਲੋਕਾਂ ਦੀ ਸਿਹਤ ਲਈ ਖ਼ਤਰਨਾਕ ਹਨ।
ਇਸ ਮੌਕੇ ਸੇਵਾ ਮੁਕਤ ਡਾ. ਅਰਜਨ ਸਿੰਘ ਨੇ ਕਿਹਾ ਕਿ ਅੱਜ ਪਾਣੀ ਦੀ ਸਾਂਭ ਸੰਭਾਲ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਪਾਣੀ ਦਾ ਪੱਧਰ ਦਿਨ-ਬ ਦਿਨ ਘਟਦਾ ਜਾ ਰਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਘੱਟ ਤੋਂ ਘੱਟ ਵਰਤੋਂ ਕੀਤੀ ਜਾਵੇ। ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਲਿਫ਼ਾਫ਼ਿਆਂ ਨਾਲ ਸੀਵਰੇਜ ਬੰਦ ਹੋ ਜਾਂਦੇ ਹਨ ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਇਹ ਲਫ਼ਾਫ਼ੇ ਕੂੜੇ ਦੇ ਢੇਰਾਂ 'ਤੇ ਪਏ ਹੁੰਦੇ ਹਨ ਤਾਂ ਇਨ੍ਹਾਂ ਨੂੰ ਆਵਾਰਾ ਪਸ਼ੂ ਖਾ ਜਾਂਦੇ ਹਨ ਜਿਸ ਨਾਲ ਕਈ ਵਾਰ ਉਨ੍ਹਾਂ ਦੀ ਮੌਤ ਵੀ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵਾਤਾਵਰਨ ਸਾਫ਼ ਸੁਥਰਾ ਰੱਖਣ ਦੇ ਲਈ ਕੱਪੜੇ ਦੇ ਬੈਗਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤੇ ਨਾਲ ਹੀ ਸਰਕਾਰ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੇ ਲਿਫ਼ਾਫ਼ਿਆਂ 'ਤੇ ਸਖ਼ਤੀ ਨਾਲ ਪਾਬੰਦੀ ਲਾਈ ਜਾਵੇ।