ਸ੍ਰੀ ਫ਼ਤਿਹਗੜ੍ਹ ਸਾਹਿਬ: ਸਰਹਿੰਦ ਦਾਣਾ ਮੰਡੀ ਵਿੱਚ ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਐਮਐਲਏ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਵਿੱਚ ਪੂਰੇ ਪੰਜਾਬ ਤੋਂ ਕਿਸਾਨਾਂ ਦਾ ਇਕੱਠ ਕਰ ਮੋਟਰ ਸਾਈਕਲ ਯਾਤਰਾ ਸਰਹਿੰਦ ਤੋਂ ਦਿੱਲੀ ਵੱਲ ਨੂੰ ਰਵਾਨਾ ਹੋ ਗਈ ਹੈ।
ਲੋਕ ਇਨਸਾਫ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤਹਿਤ ਹੀ ਉਨ੍ਹਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਅੱਜ ਮੋਟਰਸਾਈਕਲ ਰੈਲੀ ਸ਼ੁਰੂ ਕੀਤੀ ਗਈ ਹੈ ਜੋ ਦਿੱਲੀ ਜਾ ਕੇ ਸੰਸਦ ਦਾ ਘਿਰਾਓ ਕਰੇਗੀ।
ਬਲਵਿੰਦਰ ਸਿੰਘ ਨੇ ਕੈਪਟਨ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਕੈਪਟਨ ਸਰਕਾਰ ਨੂੰ ਇਸ ਧਰਨੇ ਦੇ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਦਿੱਤਾ। ਇਸ ਦੇ ਨਾਲ ਹੀ ਬੀਬੀ ਹਰਸਿਮਰਤ ਕੌਰ ਦੇ ਅਸਤੀਫੇ ਉੱਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਹਰਸਿਮਰਤ ਨੇ ਜੋ ਅਸਤੀਫਾ ਦਿੱਤਾ ਹੈ ਉਹ ਇੱਕ ਡਰਾਮਾ ਹੈ। ਹਰਸਿਮਰਤ ਬਾਦਲ ਨੇ ਆਪਣੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਉਹ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕਰਦੇ, ਫਿਰ ਉਹ ਕਿਸਾਨ ਹਿਤੈਸ਼ੀ ਕਿਵੇਂ ਹੋ ਸਕਦੇ ਹਨ। ਉਨ੍ਹਾਂ ਨੇ ਕਾਂਗਰਸ ਦੇ ਐਮਐਲਏ ਕੁਲਜੀਤ ਸਿੰਘ ਨਾਗਰਾ ਦੇ ਖੇਤੀ ਆਰਡੀਨੈਂਸ ਨੂੰ ਲੈ ਕੇ ਦਿੱਤੇ ਅਸਤੀਫੇ ਬਾਰੇ ਕਿਹਾ ਕਿ ਅੱਗ ਦਿੱਲੀ ਲੱਗੀ ਹੈ ਨਾ ਕਿ ਪੰਜਾਬ ਵਿੱਚ ਇਸ ਉੱਤੇ ਕੈਪਟਨ ਅਤੇ ਸੋਨੀਆ ਗਾਂਧੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪਾਰਲੀਮੈਂਟ ਨੇ ਜਿਹੜੇ ਕਿਸਾਨਾਂ ਦੇ ਮੌਤ ਦੇ ਵਾਰੰਟ ਜਾਰੀ ਕੀਤੇ ਹਨ ਉਸ ਪਾਰਲੀਮੈਂਟ ਦਾ ਘਿਰਾਓ ਕਰਨ ਲਈ ਅੱਜ ਉਹ ਫ਼ਤਿਹਗੜ੍ਹ ਸਾਹਿਬ ਤੋਂ ਮੋਟਰ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ।