ਫਤਿਹਗੜ੍ਹ ਸਾਹਿਬ: ਬੰਦੀ ਸਿੰਘਾਂ ਦੀ ਰਿਹਾਈ ਲਈ ਕਾਫੀ ਸਮੇਂ ਤੋਂ ਮੋਹਾਲੀ ਦੀਆਂ ਬਰੁਹਾ ਉੱਤੇ ਸਿੱਖ ਜਥੇਬੰਦੀਆਂ ਵੱਲੋਂ ਧਰਨਾ ਚੱਲ ਰਿਹਾ ਹੈ। ਜਿਸ ਵਿੱਚ ਪੰਜਾਬ ਭਰ ਤੋਂ ਸੰਗਤ ਆਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰ ਰਹੇ ਹਨ। ਇਸ ਤਰ੍ਹਾਂ ਹੀ ਸ਼ਹੀਦਾਂ ਦੀ ਪਵਿੱਤਰ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਇੰਟਰਨੈਸ਼ਨਲ ਪੰਥਕ ਦਲ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੌਮੀ ਇਨਸਾਫ ਮੋਰਚੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੀ ਅਗਵਾਈ ਵਿੱਚ ਕੇਸਰੀ ਨਿਸ਼ਾਨਾਂ ਦੀ ਛੱਤਰ ਛਾਇਆ ਹੇਠ ਰੋਸ ਮਾਰਚ ਕੱਢਿਆ ਅਤੇ ਕਾਰਾਂ ਬੱਸਾਂ ਵਿੱਚ ਸਵਾਰ ਸਿੰਘਾਂ ਦਾ ਕਾਫ਼ਲਾ ਮੋਹਾਲੀ ਲਈ ਰਵਾਨਾ ਹੋਇਆ।
ਕਾਫਲਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਰਵਾਨਾ:- ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਭਾਈ ਜਸਵੀਰ ਸਿੰਘ ਰੋਡੇ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਦੀ ਸਫਲਤਾ ਲਈ ਸਿੱਖ ਜਥੇਬੰਦੀਆਂ ਵੱਲੋਂ ਇਹ ਕਾਫਲਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਅਰਦਾਸ ਉਪਰੰਤ ਰਵਾਨਾ ਹੋਇਆ ਹੈ।
ਦੇਸ਼ ਵਿਚ ਦੋਹਰੇ ਕਾਨੂੰਨ ਲਾਗੂ:- ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਦੋਹਰੇ ਕਾਨੂੰਨ ਲਾਗੂ ਹੋ ਚੁੱਕੇ ਤੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ਕਿਉਂਕਿ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੰਘ ਸਿੱਖ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਦੂਜੇ ਪਾਸੇ ਸੌਦਾ ਸਾਧ ਨੂੰ ਵੋਟਾਂ ਦੀ ਰਾਜਨੀਤੀ ਕਰਕੇ ਕਈ ਵਾਰ ਪੈਰੋਲ ਦਿੱਤੀ ਜਾ ਚੁੱਕੀ ਹੈ।