ਸ੍ਰੀ ਫਤਹਿਗੜ੍ਹ ਸਾਹਿਬ: ਪਿੰਡ ਤਰਖਾਣ ਮਾਜਰਾ ਅਤੇ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਵਿੱਚ ਮੁਲਜ਼ਮ ਸ਼ੁੱਕਰਵਾਰ ਨੂੰ ਮਾਨਯੋਗ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀ ਪੇਸ਼ ਹੋਏ। ਜਿੱਥੇ ਅਦਾਲਤ ਵੱਲੋਂ 23 ਅਕਤੂਬਰ ਤੱਕ 7 ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਗਿਆ।
ਇਸ ਕੇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਕੀਲ ਅਮਰਦੀਪ ਸਿੰਘ ਧਾਰਨੀ ਜਦਕਿ ਬੇਅਦਬੀਆਂ ਵਾਲੇ ਗੁਰਦੁਆਰਾ ਸਾਹਿਬ ਜਿਨ੍ਹਾਂ ਦੇ ਗ੍ਰੰਥੀ ਰਛਪਾਲ ਸਿੰਘ ਅਤੇ ਪਿੰਡ ਤਰਖਾਣ ਮਾਜਰਾ ਦੇ ਗੁਰਦੁਆਰਾ ਸਾਹਿਬ ਵਿੱਚ ਦੋਸ਼ੀ ਨੂੰ ਕਾਬੂ ਕਰਨ ਵਾਲੇ ਨੌਜਵਾਨ ਮਨਜੋਤ ਸਿੰਘ ਵੱਲੋਂ 5 ਮੈਂਬਰੀ ਪੈਨਲ ਪੇਸ਼ ਹੋਇਆ।
ਇਸ ਮੌਕੇ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਦਾਲਤ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਲੀਲ ਦਿੱਤੀ ਗਈ ਕਿ ਐਸਜੀਪੀਸੀ ਨੂੰ ਇਸ ਕੇਸ ਵਿੱਚ ਧਿਰ ਬਣਾਇਆ ਜਾਵੇ। ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਬਲੀਕੇਸ਼ਨ ਹਮੇਸ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁੰਦੀ ਹੈ। ਜਦੋਂ ਇਸ ਤਰ੍ਹਾਂ ਦੇ ਬੇਅਦਬੀ ਜਾਂ ਸਰੂਪ ਬਿਰਧ ਹੋ ਜਾਂਦੇ ਹਨ ਤਾਂ ਉਸ ਦੀ ਸਾਂਭ ਸੰਭਾਲ ਵੀ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਹੋਈਆਂ ਹਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੀ ਗੁਰੂ ਘਰਾਂ ਨੂੰ ਦਿੱਤੇ ਗਏ ਸਨ।
ਉੱਥੇ ਹੀ ਉਨ੍ਹਾਂ ਕਿਹਾ ਕਿ ਇਸ ਬੇਅਦਬੀਆਂ ਦੇ ਕੇਸਾਂ ਨਾਲ ਸਬੰਧਤ ਦਰਜ ਹੋਈਆਂ ਦੋ ਵੱਖ-ਵੱਖ ਐੱਫਆਈਆਰਜ਼ ਵਿੱਚ ਇੱਕ ਵਿੱਚ ਯੂਏਪੀਏ ਐਕਟ ਲਗਾਇਆ ਗਿਆ ਹੈ ਤੇ ਪਿੰਡ ਜੱਲਾ ਵਿਖੇ ਜੋ ਐੱਫਆਈਆਰ ਦਰਜ ਕੀਤੀ ਗਈ ਹੈ। ਉਸ ਵਿੱਚ ਵੀ ਯੂਏਪੀਏ ਐਕਟ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸੰਵੇਦਨਸ਼ੀਲ ਮਾਮਲੇ ਨੂੰ ਲੈ ਕੇ ਮਾਣਯੋਗ ਅਦਾਲਤ ਵਿੱਚ ਇਹ ਵੀ ਅਪੀਲ ਕੀਤੀ ਗਈ ਹੈ ਕਿ ਇਸ ਕੇਸ ਦੀ ਸਮੁੱਚੀ ਪੈਰਵੀ ਮੈਜਿਸਟ੍ਰੇਟ ਵੱਲੋਂ ਕੀਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਇਨ੍ਹਾਂ ਬੇਅਦਬੀਆਂ ਸਬੰਧੀ ਸਮੁੱਚੀ ਕਾਨੂੰਨੀ ਕਾਰਵਾਈ ਅਤੇ ਪੈਰਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਫਤਿਹਗੜ੍ਹ ਸਾਹਿਬ ਦੇ ਪਿੰਡ ਜੱਲਾ ਅਤੇ ਤਰਖਾਣ ਮਾਜਰਾ ਵਿਖੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਪਹਿਲਾਂ ਮੰਡੀ ਗੋਬਿੰਦਗੜ੍ਹ ਨਜ਼ਦੀਕ ਪਿੰਡ ਤੂਰਾਂ ਵਿਖੇ ਵੀ ਬੇਅਦਬੀ ਦੀ ਘਟਨਾ ਵਾਪਰੀ ਸੀ ਤੇ ਉੱਥੋਂ ਫੜ੍ਹੇ ਗਏ ਵਿਅਕਤੀ ਨੂੰ ਮੰਦਬੁੱਧੀ ਕਰਾਰ ਦੇ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਹ ਪਤਾ ਲਗਾਇਆ ਜਾਣਾ ਚਾਹੀਦਾ ਸੀ ਕਿ ਉਸ ਵਿਅਕਤੀ ਨੂੰ ਕਿੰਨਾ ਵੱਲੋਂ ਤਿਆਰ ਕਰਵਾਇਆ ਗਿਆ ਸੀ। ਇਸ ਦੀ ਪੁੱਛ ਪੜਤਾਲ ਕੀਤੀ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਬੇਅਦਬੀਆਂ ਕਰਨ ਵਾਲੇ ਪਿੱਛੇ ਖੇਡੀ ਤਾਕਤ ਹੈ ਜੋ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ ਪੰਜਾਬ ਨੂੰ ਅੱਗ ਲਾਉਣਾ ਚਾਹੁੰਦੀਆਂ ਹਨ। ਇਹ ਸਾਰਾ ਕੁਝ ਪੁਲਿਸ ਪ੍ਰਸ਼ਾਸਨ ਨੂੰ ਟਰੇਸ ਕਰਨਾ ਚਾਹੀਦਾ ਹੈ ਤੇ ਸੱਚ ਸਿੱਖ ਸੰਗਤ ਅੱਗੇ ਲਿਆ ਕੇ ਰੱਖਣਾ ਚਾਹੀਦਾ ਹੈ।
ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਕਰਮ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਤਿਹਗੜ੍ਹ ਸਾਹਿਬ ਦੇ ਪਿੰਡਾਂ ਜੱਲਾ ਅਤੇ ਤਰਖਾਣ ਦੇ ਗੁਰਦੁਆਰਾ ਸਾਹਿਬ ਵਿੱਚ ਆਉਣ 'ਤੇ ਇਹ ਐਲਾਨ ਕੀਤਾ ਸੀ ਕਿ ਇਨ੍ਹਾਂ ਕੇਸਾਂ ਦੀ ਕਾਨੂੰਨੀ ਕਾਰਵਾਈ ਸ਼੍ਰੋਮਣੀ ਕਮੇਟੀ ਕਰੇਗੀ। ਉਨ੍ਹਾਂ ਦੱਸਿਆ ਕਿ ਦੋਵਾਂ ਗੁਰਦੁਆਰਾ ਸਾਹਿਬਾਨ ਜਿਨ੍ਹਾਂ ਵੱਲੋਂ ਐਫਆਈਆਰ ਦਰਜ ਕਰਵਾਈ ਗਈ ਸੀ ਅਗਲੇਰੀ ਕਾਨੂੰਨੀ ਕਾਰਵਾਈ ਕਰਾਉਣ ਲਈ ਉਨ੍ਹਾਂ ਵੱਲੋਂ ਵਕਾਲਤਨਾਮੇ ਦੇ ਦਿੱਤੇ ਗਏ ਹਨ।