ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਵਿੱਚ ਦਿਨੋ-ਦਿਨ ਕੋਰੋਨਾ ਮਹਾਂਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਸਿਵਲ ਹਸਪਤਾਲ ਵਿੱਚ ਕੋਰੋਨਾ ਨੂੰ ਲੈ ਕੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਪਹੁੰਚੇ। ਇਸ ਦੌਰਾਨ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਕੋਰੋਨਾ ਦੇ ਪ੍ਰਬੰਧ ਤਸੱਲੀਬਖ਼ਸ਼ ਹਨ।
ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਖ਼ਾਤਮੇ ਲਈ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਤੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਹਾਂਮਾਰੀ ਦੇ ਨਾਲ ਨਜਿੱਠਣ ਲਈ ਜਿਸ ਤਰ੍ਹਾਂ ਦੇ ਪ੍ਰਬੰਧ ਕੀਤੇ ਹਨ, ਉਹ ਤਸੱਲੀਬਖ਼ਸ਼ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਕਰੀਬ 271 ਬੈੱਡ ਮੌਜੂਦ ਹਨ ਤੇ ਹੋਰ ਲੋੜੀਂਦੀ ਮੈਡੀਕਲ ਸਮੱਗਰੀ ਵੀ ਮੌਜੂਦ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 150 ਦੇ ਕਰੀਬ ਹੈ।
ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਸਿਹਤ ਸੰਭਾਲ ਸਬੰਧੀ ਜਿਹੜੀ ਵੀ ਮੈਡੀਕਲ ਸਮੱਗਰੀ ਦੀ ਲੋੜ ਹੈ, ਉਸ ਬਾਰੇ ਫੌਰੀ ਤੌਰ ਉੱਤੇ ਲਿਖ ਕੇ ਦਿੱਤਾ ਜਾਵੇ। ਮੈਡੀਕਲ ਸਮੱਗਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਟੈਸਟਿੰਗ ਕਰਵਾਉਣ, ਸਾਵਧਾਨੀਆਂ ਵਰਤਣ ਤੇ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾਂਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।
ਇਹ ਵੀ ਪੜ੍ਹੋ:ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣੀ ਪਈ ਮਹਿੰਗੀ, ਪੁਲਿਸ ਨੇ ਮਾਮਲਾ ਕੀਤਾ ਦਰਜ