ਸ੍ਰੀ ਫ਼ਤਿਹਗੜ੍ਹ ਸਾਹਿਬ: ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 120 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਜਿਨ੍ਹਾਂ ਨੂੰ ਇਨਸਾਫ਼ ਦਵਾਉਣ ਲਈ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਸੂਬਾ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਸ੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਅੱਜ ਭਾਜਪਾ ਵੱਲੋਂ ਸੂਬਾ ਸਰਕਾਰ ਸਰਕਾਰ ਵਿਰੁੱਧ ਧਰਨਾ ਦਿੱਤਾ ਗਿਆ। ਇਹ ਧਰਨਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਕੀਤਾ ਗਿਆ।
ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਗਰਗ ਨੇ ਕਿਹਾ ਕਿ ਅੱਜ ਪੰਜਾਬ ਦੇ 117 ਵਿਧਾਨ ਸਭਾ ਸੀਟਾਂ ਉੱਤੇ ਇਹ ਧਰਨਾ ਦਿਤਾ ਗਿਆ ਹੈ। ਇਹ ਧਰਨਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਿਰਦੇਸ਼ਾਂ ਉੱਤੇ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਜਿਹੜੀਆਂ ਸ਼ਰਾਬ ਦੀਆਂ ਫੈਕਟਰੀਆਂ ਫੜੀਆਂ ਗਈਆਂ ਹਨ ਤੇ ਪੰਜਾਬ ਸਰਕਾਰ ਨੇ ਜਿਹੜਾ 125 ਵਿਅਕਤੀਆਂ ਦਾ ਕਤਲ ਕੀਤਾ ਹੈ, ਉਸ ਦੀ ਜ਼ਿੰਮੇਵਾਰ ਕੈਪਟਨ ਸਰਕਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪਹਿਲਾਂ ਹੀ ਉਨ੍ਹਾਂ ਨਕਲੀ ਸ਼ਰਾਬ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਉਨ੍ਹਾਂ ਨਿਰਦੋਸ਼ ਵਿਅਕਤੀਆਂ ਦੀ ਮੌਤ ਨਾ ਹੁੰਦੀ। ਉਨ੍ਹਾਂ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਉਹ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਤਾਂ ਕਿ ਇਸ ਮਾਮਲੇ ਦੇ ਮੁੱਖ ਦੌਸ਼ੀਆਂ ਦਾ ਪਤਾ ਲੱਗ ਸਕੇ।