ਫਤਿਹਗੜ੍ਹ ਸਾਹਿਬ: ਕੈਬਿਨੇਟ ਮੰਤਰੀ ਬਲਬੀਰ ਸਿੱਧੂ ਨੇ 10 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਜੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਪੱਤਰਕਾਰਾਂ ਵੱਲੋਂ ਪਾਕਿਸਤਾਨ ਵੱਲੋਂ ਲਾਂਘੇ ਦੇ ਦਰਸ਼ਨਾਂ ਲਈ ਰੱਖੀ ਫ਼ੀਸ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸਨਾਂ ਲਈ ਰੱਖੀ 20 ਡਾਲਰ ਸਰਵਿਸ ਫ਼ੀਸ ਮੁਆਫ਼ ਕੀਤੀ ਜਾਣੀ ਚਾਹੀਦੀ ਹੈ।
ਪੰਜਾਬ ਵਿਚ ਡੇਂਗੂ ਦੀ ਬਿਮਾਰੀ ਨਾਲ ਹੋ ਰਹੀਆਂ ਮੌਤਾਂ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ ਪਹਿਲਾਂ ਨਾਲੋਂ ਕਾਫ਼ੀ ਕੰਟਰੋਲ ਵਿਚ ਹੈ, ਪਰ ਕਾਫ਼ੀ ਜਗ੍ਹਾ 'ਤੇ ਲੋਕਾਂ ਵਲੋਂ ਲਾਪਰਵਾਹੀ ਕੀਤੀ ਜਾਂਦੀ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਫੈਲਣ ਦੀਆਂ ਬਿਮਾਰੀਆਂ ਤੋਂ ਰੋਕਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਕਈ ਥਾਵਾਂ ਤੇ ਤਾਂ ਲੋਕਾਂ ਦੇ ਚਾਲਾਨ ਵੀ ਕੀਤੇ ਜਾ ਰਹੇ ਹਨ।
ਦਿਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵਲੋਂ ਮਿਠਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਵਿਚ ਵਰਤੀ ਜਾ ਰਹੀ ਢਿੱਲ ਸਬੰਧੀ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸਿੱਧੂ ਨੇ ਕਿਹਾ ਕਿ ਜੇਕਰ ਕੋਈ ਅਜਿਹੇ ਕੇਸ ਸਾਹਮਣੇ ਆਏ ਤਾਂ ਸਿਹਤ ਵਿਭਾਗ ਵਲੋਂ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ, ਕਿਉਂਕਿ ਸਿਹਤ ਵਿਭਾਗ ਇਸ ਪ੍ਰਤੀ ਪੂਰੀ ਤਰ੍ਹਾਂ ਚੌਕਸ ਹੈ।