ਫ਼ਤਿਹਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਾਰਕ ਵਿੱਚ ਬਣਾਈਆਂ ਜਾ ਰਹੀਆਂ ਆਰਜ਼ੀ ਦੁਕਾਨਾਂ ਨੂੰ ਪ੍ਰਸ਼ਾਸਨ ਵੱਲੋਂ ਸਥਾਨਕ ਵਿਧਾਇਕ ਦੀ ਸ਼ਹਿ ਤੇ ਬੰਦ ਕਰਾਉਣ ਦੀ ਕਾਰਵਾਈ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ 'ਤੇ ਸਥਾਨਕ ਵਿਧਾਇਕਾਂ ਵੱਲੋਂ ਕਥਿਤ ਤੌਰ 'ਤੇ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਵਿੱਚ ਦੁਕਾਨਾਂ ਬਣਾਉਣੀਆਂ ਜਾਂ ਨਾ ਬਣਾਉਣੀਆਂ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ ਹੈ।
ਕਾਂਗਰਸ ਪਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਕੀਤੀ ਜਾ ਰਹੀ ਦਖ਼ਲ ਅੰਦਾਜ਼ੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਅਤੇ ਇਸ ਦੇ ਪ੍ਰਬੰਧਾਂ ਨੂੰ ਤਹਿਸ ਨਹਿਸ ਕਰਕੇ ਤੋੜਨ ਦੇ ਅਨੇਕਾਂ ਵਾਰ ਯਤਨ ਕੀਤੇ, ਜਿਸ ਦਾ ਮੂੰਹ ਤੋੜਵਾਂ ਜਵਾਬ ਹਮੇਸ਼ਾ ਹੀ ਸੰਗਤ ਨੇ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਸਬ ਕਮੇਟੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇਗੀ ਅਤੇ ਜੇਕਰ ਪ੍ਰਸ਼ਾਸਨ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿੱਚ ਦਖ਼ਲਅੰਦਾਜ਼ੀ ਕਰਨੀ ਬੰਦ ਨਾ ਕੀਤੀ ਤਾਂ ਮਾਣਯੋਗ ਕੋਰਟ ਦਾ ਰੁੱਖ ਅਖਤਿਆਰ ਕੀਤਾ ਜਾਵੇਗਾ।