ਸ੍ਰੀ ਫਤਿਹਗੜ੍ਹ ਸਾਹਿਬ: 6ਵੇਂ ਪੇਅ ਕਮਿਸ਼ਨ (6th Pay Commission) ਨੂੰ ਲੈਕੇ ਡਾਕਟਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਡਾਕਟਰਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਪੂਰੇ ਸੂਬੇ ਵਿੱਚ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਹੁਣ ਇਨ੍ਹਾਂ ਡਾਕਟਰਾਂ ਵੱਲੋਂ ਐਂਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੇ ਕੰਮ ਨੂੰ ਬੰਦ ਕੀਤਾ ਗਿਆ ਹੈ। ਡਾਕਟਰਾਂ ਦੀ ਹੜਤਾਲ ਕਾਰਨ ਸਿਵਲ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਵੱਡੇ ਪੱਧਰ ‘ਤੇ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ।
ਇਸ ਮੌਕੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਪੰਜਾਬ ਸਰਕਾਰ ਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤਾ। ਰੋਸ ਵਜੋਂ ਅੱਜ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਦੇ ਡਾਕਟਰਾਂ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਵੱਲੋਂ ਆਪਣਾ ਕੰਮਕਾਰ ਠੱਪ ਕਰਕੇ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਪ੍ਰਦਰਸ਼ਨ ਕਰ ਰਹੇ ਡਾਕਟਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ 6ਵੇਂ ਪੇਅ ਕਮਿਸ਼ਨ ਦੇ ਜ਼ਰੀਏ ਡਾਕਟਰਾਂ ਦੀਆਂ ਤਨਖਾਹਾ ਵਿੱਚੋਂ ਕਟੌਤੀ ਕਰਨ ਜਾ ਰਹੀ ਹੈ। ਜਿਸ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਵੱਲੋਂ ਡਾਕਟਰਾਂ ਨੂੰ ਕੋਵਿਡ ਵਾਰੀਅਰ ਕਿਹਾ ਜਾ ਰਿਹਾ ਹੈ, ਅਤੇ 24- 24 ਘੰਟੇ ਸੇਵਾਵਾਂ ਲਈਆਂ ਜਾ ਰਹੀਆਂ ਹਨ, ਦੂਸਰੇ ਪਾਸੇ ਉਨ੍ਹਾਂ ਦੀਆਂ ਤਨਖਾਹਾਂ ਵਧਾਉਣ ਦੀ ਥਾਂ ਘਟਾਈਆਂ ਜਾ ਰਹੀਆਂ ਹਨ। ਜਿਸ ਨੂੰ ਉਹ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇ।