ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ 'ਚ ਨਸ਼ਾ ਛਡਾਊ ਕੇਂਦਰ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ।
ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਸਰਕਾਰ ਨੂੰ ਇਹ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਪਰ ਸਰਕਾਰ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ, ਜਿਸ ਕਾਰਨ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਮਜ਼ਬੂਰਨ ਇਹ ਹੜਤਾਲ ਕਰਨੀ ਪਈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਵੱਧਦੇ ਪ੍ਰਭਾਵ ਕਾਰਨ ਡਰੱਗ ਡੀ-ਅਡਿਕਸ਼ਨ ਅਤੇ ਰੀਹੈਬਲੀਟੇਸ਼ਨ ਯੂਨੀਅਨ ਦੇ ਮੁਲਾਜ਼ਮ, ਨਸ਼ਾ ਛਡਾਊ ਕੇਂਦਰ, ਓ.ਓ.ਏ.ਟੀ ਕਲੀਨਿਕਾਂ ਅਤੇ ਆਈਸੋਲੇਸ਼ਨ ਵਾਰਡਾਂ ਵਿੱਚ ਕੋਵਿਡ-19 ਦੇ ਪ੍ਰਕੋਪ ਵਿੱਚ ਵੀ ਆਪਣੀ ਜਾਨ ਨੂੰ ਸੰਕਟ 'ਚ ਪਾਕੇ ਸੇਵਾਵਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਕੋਈ ਇੰਨਸ਼ੋਰਸ ਨਹੀਂ ਹੈ ਅਤੇ ਨਾ ਹੀ ਇਨ੍ਹਾਂ ਦੀ ਨੌਕਰੀ ਪੱਕੀ ਹੈ ਜਿਸ ਨਾਲ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਸੁਰੱਖਿਅਤ ਕਰ ਸਕਣ।
ਉਨ੍ਹਾਂ ਨੇ ਸੂਬਾ ਸਰਕਾਰ ਨੂੰ ਪ੍ਰਦਰਸ਼ਨ ਦੌਰਾਨ ਮੰਗ ਕੀਤੀ ਕਿ ਉਨ੍ਹਾਂ ਦੇ ਕੰਮ ਨੂੰ ਪੱਕਾ ਕੀਤਾ ਜਾਵੇ ਤੇ ਉਨ੍ਹਾਂ ਦੀ ਇੰਨਸ਼ੋਰੈਸ ਕੀਤੀ ਜਾਵੇ।
ਇਹ ਵੀ ਪੜ੍ਹੋ:ਫੌਜ ਨੇ ਚੰਡੀਗੜ੍ਹ 'ਚ ਪੀਜੀਆਈ ਦੇ ਡਾਕਟਰਾਂ ਅਤੇ ਸਫ਼ਾਈ ਕਰਮਚਾਰੀਆਂ ਦਾ ਫੁੱਲਾਂ ਦੀ ਵਰਖਾ ਕਰਕੇ ਵਧਾਇਆ ਹੌਸਲਾ
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਸੂਬਾ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਰੀ-ਹੈਬੀਲੀਟੇਸ਼ਨ ਸੈਂਟਰ ਖੋਲ੍ਹੇ ਗਏ ਸਨ ਤੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਗਿਆ ਸੀ। ਪਰ ਕਾਂਗਰਸ ਸਰਕਾਰ ਕੇਂਦਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਬਣਦੀਆਂ ਸਹੂਲਤਾਂ ਨਹੀਂ ਦੇ ਰਹੀ ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਰੀ-ਹੈਬੀਲੀਟੇਸ਼ਨ ਸੈਂਟਰਾਂ 'ਚ ਕੰਮ ਰਹੇ ਮੁਲਾਜ਼ਮਾਂ ਦੀ ਮੰਗ ਜਾਇਜ਼ ਹੈ।
ਪ੍ਰਦਰਸ਼ਨਕਾਰੀ ਆਗੂਆਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਬਹੁਤ ਸਾਰੀਆ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਨੇ ਪੰਜਾਬ ਸਰਕਾਰ ਦੇ ਐਕਟ ਅਧੀਨ ਸਾਰੀਆ ਸ਼ਰਤਾਂ ਪੂਰੀਆ ਕਰਨ ਉਪਰੰਤ ਭਰਤੀ ਕੀਤਾ ਸੀ ਜਿਸ ਤੋਂ ਬਾਅਦ ਉਹ ਲੜੀਵਾਰ ਕੰਟਰੈਕਟ ਭਰਤੀਆਂ ਅਤੇ ਆਊਟਸੋਰਸਿੰਗ ਕੰਪਨੀਆਂ ਦੇ ਅਧੀਨ ਆਪਣੀਆਂ ਸੇਵਾਵਾਂ ਨਿਰੰਤਰ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੱਚੇ ਮੁਲਾਜ਼ਮਾਂ ਦਾ ਵੀ ਧਿਆਨ ਕਰਨਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਪੱਕਾ ਕਰਨਾ ਚਾਹੀਦਾ ਹੈ।