ਸ੍ਰੀ ਫ਼ਤਿਹਗੜ੍ਹ ਸਾਹਿਬ: ਖੇਤੀ ਆਰਡੀਨੈਂਸ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਰੋਡ ਜਾਮ ਕੀਤੇ ਗਏ। ਇਸੇ ਤਰ੍ਹਾਂ ਹੀ ਕਿਸਾਨਾਂ ਵੱਲੋਂ ਸਰਹੰਦ ਵਿਖੇ ਦਿੱਲੀ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਜਾਰੀ ਕੀਤੇ ਗਏ ਹਨ ਉਹ ਕਿਸਾਨਾਂ ਦੇ ਲਈ ਮਾਰੂ ਸਿੱਧ ਹੋਵੇਗਾ। ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਆਉਣਗੀਆਂ। ਕਿਸਾਨਾਂ ਨੇ ਕਿਹਾ ਕਿ ਜੋ ਕਿਸਾਨ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਦੇ ਹਨ ਉਨ੍ਹਾਂ 'ਤੇ ਇਸ ਖੇਤੀ ਆਰਡੀਨੈਂਸ ਦਾ ਵੱਡਾ ਪ੍ਰਭਾਵ ਪਵੇਗਾ।
ਕਿਸਾਨਾਂ ਦਾ ਕਹਿਣਾ ਸੀ ਕਿ ਹੋਰ ਸੂਬਿਆਂ ਦੇ ਵਿੱਚ ਐਮਐਸਪੀ ਤੈਅ ਕੀਤੀ ਜਾਂਦੀ ਹੈ ਪਰ ਪੰਜਾਬ ਦੇ ਵਿੱਚ ਕਿਸਾਨਾਂ ਨੂੰ ਫਸਲਾਂ ਦੇ ਮੁੱਲ ਨਹੀਂ ਮਿਲ ਰਹੇ ਜਿਸ ਕਰਕੇ ਉਹ ਪਹਿਲਾਂ ਹੀ ਮੁਸ਼ਕਲ ਦੌਰ ਵਿੱਚੋਂ ਗੁਜ਼ਰ ਰਹੇ ਹਨ ਅਤੇ ਹੁਣ ਖੇਤੀ ਆਰਡੀਨੈਂਸ ਦੇ ਨਾਲ ਉਨ੍ਹਾਂ ਨੂੰ ਹੋਰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜੇ ਖੇਤੀ ਆਰਡੀਨੈਂਸ ਖ਼ਤਮ ਨਾ ਕੀਤਾ ਗਿਆ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਕਰਨਗੇ।