ਫ਼ਤਿਹਗੜ੍ਹ ਸਾਹਿਬ: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਰੁੜਕੀ ਦੀ ਪ੍ਰਧਾਨਗੀ ਹੇਠ ਦੀਵਾਨ ਟੋਡਰ ਮੱਲ ਹਾਲ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ। ਜਾਣਕਾਰੀ ਦਿੰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮੰਤਵ ਮੈਂਬਰਸ਼ਿਪ ਡਰਾਈਵ ਨੂੰ ਪੂਰਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਜੱਥੇਬੰਦੀਆਂ ਦੀਆਂ ਅੰਦਰੂਨੀ ਚੌਣਾਂ ਦੇ ਸਬੰਧ 'ਚ ਇਹ ਮੈਂਬਰਸ਼ਿਪ ਕੀਤੀ ਜਾ ਰਹੀ ਹੈ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ, ਕਿਸਾਨੀ ਮੁੱਦਿਆਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਲਈ ਇੱਕ ਸਾਂਝੀ ਮੀਟਿੰਗ ਦਾ ਹੋਣਾ ਬਹੁਤ ਜ਼ਰੂਰੀ ਸੀ ਤਾਂ ਜੋ ਕਿਸਾਨਾਂ ਨੂੰ ਇਕੱਠਾ ਕਰ ਉਨ੍ਹਾਂ ਨਾਲ ਸਬੰਧਤ ਸਮੱਸਿਆਵਾਂ ਅਤੇ ਜ਼ਰੂਰੀ ਮੁੱਦਿਆਂ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਸਰਕਾਰਾਂ ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਸ ਚੋਣ ਵਿੱਚ ਕਿਸਾਨੀ ਮੁੱਦੇ ਕਿਸੇ ਵੀ ਰਾਜਨੀਤਕ ਪਾਰਟੀ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਨਹੀਂ ਬਣੇ ਸਨ ਇਸ ਲਈ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਕਿਸਾਨਾਂ ਨੂੰ ਇੱਕ ਪੱਧਰ ਤੇ ਇਕੱਠਾ ਕਰਨਾ ਅਤੇ ਸੰਘਰਸ਼ ਨੂੰ ਤੇਜ਼ ਕਰਨ ਲਈ ਨਵੇਂ ਰਾਹ ਬਣਾਉਣਾ ਇਸ ਮੀਟਿੰਗ ਦਾ ਮੁੱਖ ਏਜੰਡਾ ਹੈ।
ਇਹ ਵੀ ਪੜ੍ਹੋ- ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦ ਸੈਨਿਕਾਂ ਨੂੰ ਕੈਪਟਨ ਨੇ ਦਿੱਤੀ ਸ਼ਰਧਾਂਜਲੀ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਿਸਾਨਾਂ ਦੀ ਸਮੱਸਿਆ ਇੱਕ ਗੰਭੀਰ ਮੁੱਦਾ ਹੈ ਅਤੇ ਹਰ ਰਾਜਨੀਤਕ ਪਾਰਟੀਆਂ ਦੇ ਮੈਨੀਫੈਸਟੋ ਦਾ ਸ਼ਿੰਗਾਰ ਵੀ ਬਣਦਾ ਰਹਿੰਦਾ ਹੈ ਪਰ ਤ੍ਰਾਸਦੀ ਇਹ ਹੈ ਕਿ ਚੌਣਾ ਜਿੱਤਣ ਤੋਂ ਬਾਅਦ ਰਾਜਨੀਤਕ ਪਾਰਟੀਆਂ ਕਿਸਾਨਾਂ ਦੀ ਸਾਰ ਵੀ ਨਹੀਂ ਲੈਂਦੀਆਂ। ਇਸ ਲਈ ਆਪਣੇ ਹਲਾਤਾਂ ਚ ਸੁਧਾਰ ਕਰਨ ਲਈ ਕਿਸਾਨਾਂ ਦਾ ਇੱਕ ਪੱਧਰ ਤੇ ਇੱਕਠਾ ਹੋਣਾ ਲਾਜ਼ਮੀ ਹੋ ਜਾਂਦਾ ਹੈ।