ਸ੍ਰੀ ਫਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ ਵਿੱਚ ਮਾਹੌਲ ਉਸ ਸਮੇਂ ਤਣਾਅ ਭਰਿਆ ਹੋ ਗਿਆ ਜਦੋਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਨਗਰ ਕੌਂਸਲ ਚੋਣਾ ਦੇ ਮੱਦੇਨਜ਼ਰ ਟਿਕਟ ਵੰਡਣ ਲਈ ਨਿੱਜੀ ਨਿਵਾਸ ’ਤੇ ਪਹੁੰਚੇ। ਜਿਵੇਂ ਹੀ ਕਿਸਾਨ ਜੱਥੇਬੰਦੀਆਂ ਨੂੰ ਉਨ੍ਹਾਂ ਦੇ ਆਉਣ ਦਾ ਪਤਾ ਲੱਗਿਆ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਜੱਥੇਬੰਦੀਆਂ ਉੱਥੇ ਇੱਕਠਾ ਹੋ ਗਈਆਂ ਅਤੇ ਘਰ ਦੇ ਗੇਟ ਦੇ ਅੱਗੇ ਰੋਸ਼ ਪ੍ਰਦਰਸ਼ਨ ਕਰਨ ਲੱਗੀਆਂ।
ਕਿਸਾਨ ਜੱਥਬੰਦੀਆਂ ਨੇ ਭਾਜਪਾ ਆਗੂਆਂ ਨੂੰ ਦਿੱਤੀ ਚਿਤਾਵਨੀ
ਕਿਸਾਨ ਜੱਥੇਬੰਦੀਆਂ ਦੇ ਇੱਕਠ ਤੋਂ ਬਾਅਦ ਵੱਡੀ ਗਿਣਤੀ ’ਚ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਕਰੀਬ ਦੋ ਘੰਟੇ ਦੀ ਮੁਸ਼ਕਤ ਤੋਂ ਬਾਅਦ ਦੋਨਾਂ ਆਗੂਆਂ ਅਸ਼ਵਨੀ ਸ਼ਰਮਾ ਤੇ ਮਦਨ ਮੋਹਨ ਮਿਤਲ ਨੂੰ ਬਾਹਰ ਕੱਢ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਭਾਜਪਾ ਦੇ ਜਿਲ੍ਹਾ ਪ੍ਰਧਾਨ ਪ੍ਰਦੀਪ ਗਰਗ ਅਤੇ ਭਾਜਵਾ ਨੇਤਾਵਾਂ ਨੇ ਭਾਜਵਾ ਅਤੇ ਨਰਿੰਦਰ ਮੋਦੀ ਦੇ ਹੱਕ ਚ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਜਿਸ ਤੋਂ ਬਾਅਦ ਕਿਸਾਨ ਜੱਥੇਬੰਦੀਆਂ ਵੱਲੋਂ ਵੀ ਖੂਬ ਨਾਅਰੇਬਾਜੀ ਕੀਤੀ ਗਈ। ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜਦੋਂ ਤਿੰਨੇ ਖੇਤੀਬਾੜੀ ਕਾਨੂੰਨ ਨੂੰ ਵਾਪਸ ਨਹੀਂ ਲਿਆ ਜਾਂਦਾ ਅਤੇ ਇਸਦਾ ਕੋਈ ਹੱਲ ਨਹੀਂ ਨਿਕਲਦਾ ਉਦੋਂ ਤੱਕ ਕਿਸੇ ਵੀ ਭਾਜਪਾ ਆਗੂ ਨੂੰ ਇੱਥੇ ਆਉਣ ਨਹੀਂ ਦਿੱਤਾ ਜਾਵੇਗਾ।