ਸ੍ਰੀ ਫਤਿਹਗੜ੍ਹ ਸਾਹਿਬ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਦੇਸ਼ ਵਿੱਚ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਤੇ ਕਿਸਾਨਾਂ ਨੂੰ 8 ਘੰਟੇ ਬਿਜਲੀ ਨਾ ਮਿਲਣ ਦੇ ਵਿਰੋਧ ਵਿੱਚ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਅੱਗੇ ਸੜਕ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪਟਿਆਲਾ ਤੋਂ ਜ਼ਿਲ੍ਹਾਂ ਮੀਤ ਪ੍ਰਧਾਨ ਕਰਨੈਲ ਸਿੰਘ ਲੰਗ ਨੇ ਕਿਹਾ, ਕਿ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਦਿਨੋ-ਦਿਨ ਕੀਤੇ ਜਾ ਰਹੇ ਵਾਧੇ ਨਿੰਦਣ ਯੋਗ ਹਨ। ਉਨ੍ਹਾਂ ਨੇ ਕਿਹਾ, ਕਿ ਮੋਦੀ ਸਰਕਾਰ ਆਪਣੇ ਕਰੀਬੀਆਂ ਨੂੰ ਫਾਇਦਾ ਦੇਣ ਲਈ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਰ ਰਹੀ ਹੈ।
ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ 8 ਘੰਟੇ ਬਿਜਲੀ ਦੀ ਸਪਲਾਈ ਦੇਣ ਦੇ ਵਾਅਦੇ ਵੀ ਟੁੱਟੇ ਨਜ਼ਰ ਆ ਰਹੇ ਹਨ। ਸੂਬੇ ਵਿੱਚ ਘਰੇਲੂ ਤੇ ਮੋਟਰਾਂ ਦੀ ਬਿਜਲੀ ਨਾ ਹੋਣ ਕਰਕੇ ਲੋਕ ਪ੍ਰੇਸ਼ਾਨ ਹੋ ਰਹੇ ਹਨ। ਉਨਾਂ ਕਿਹਾ, ਕਿ ਜੇਕਰ ਇੱਕ ਦੋ ਦਿਨ ਵਿੱਚ ਬਿਜਲੀ ਸਪਲਾਈ ਦੀ ਸਮੱਸਿਆ ਠੀਕ ਨਾ ਕੀਤੀ ਗਈ, ਤਾਂ ਗਰਿੱਡਾ ਦਾ ਘਿਰਾਓ ਕੀਤਾ ਜਾਵੇਗਾ।
ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ, ਕਿ ਜੇਕਰ ਤੇਲ ਦੀਆਂ ਕੀਮਤਾਂ ਵਿੱਚ ਜਲਦ ਕਟੌਤੀ ਨਾ ਕੀਤੀ, ਤਾਂ ਕੇਂਦਰ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਵੀ ਅਪੀਲ ਕੀਤੀ।
ਇਹ ਵੀ ਪੜ੍ਹੋ:ਬਿਜਲੀ ਕੱਟਾਂ ਖਿਲਾਫ ਪ੍ਰਦਰਸ਼ਨ ਕਰਨ ਆਏ BJP ਆਗੂ ਕਿਸਾਨਾਂ ਨੇ ਭਜਾਏ