ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਐਮਐਸਪੀ ਆਰਡੀਨੈਂਸ ਦੇ ਵਿਰੋਧ ਵਿੱਚ ਜਿੱਥੇ ਪੰਜਾਬ ਸਰਕਾਰ ਵੱਲੋਂ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ ਉੱਥੇ ਹੀ ਕਿਸਾਨ ਯੂਨੀਅਨਾਂ ਵੱਲੋਂ ਵੀ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਹੀ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿੱਚ ਵੀ ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਵੱਲੋਂ ਆਰਡੀਨੈਸ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਕ੍ਰਾਂਤੀਕਾਰੀ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਨੂੰ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਡੇ ਵਪਾਰੀਆਂ ਦੇ ਹੱਥਾਂ ਵਿੱਚ ਮੰਡੀਕਰਨ ਦੇਣ ਜਾ ਰਹੀ ਹੈ, ਜਿਸ ਨਾਲ ਕਿਸਾਨੀ ਖ਼ਤਮ ਹੋ ਜਾਵੇਗੀ।
ਇਹ ਵੀ ਪੜ੍ਹੋ: ਬਰਤਾਨੀਆਂ ਦੇ 73 ਸਾਲਾ 'ਸਕਿਪਿੰਗ ਸਿੱਖ' ਨੂੰ ਕੀਤਾ ਗਿਆ ਸਨਮਾਨਿਤ
ਉੱਥੇ ਹੀ ਉਨ੍ਹਾਂ ਕਿਹਾ ਕਿ ਆਏ ਦਿਨ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ ਜਿਸ ਨਾਲ ਕਿਸਾਨੀ 'ਤੇ ਵੀ ਮਾਰ ਪੈ ਰਹੀ ਹੈ, ਕਿਉਂਕਿ ਪੰਜਾਬ ਦੇ ਵਿੱਚ ਝੋਨਾ ਲਗਾਉਣ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਕਿਸਾਨਾਂ ਨੂੰ ਡੀਜ਼ਲ ਦੀ ਵੱਧ ਵਰਤੋਂ ਕਰਨੀ ਪੈਂਦੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਲੌਕਡਾਊਨ ਦੇ ਵਿੱਚ ਮਜ਼ਦੂਰਾਂ ਦੇ ਆਪਣੇ ਰਾਜਾਂ ਵਿੱਚ ਜਾਣ ਕਰਕੇ ਉਨ੍ਹਾਂ ਨੂੰ ਝੋਨਾ ਲਗਾਉਣ ਲਈ ਲੇਬਰ ਵੱਧ ਮੁੱਲ 'ਤੇ ਮਿਲੀ, ਜਿਸ ਦੇ ਕਾਰਨ ਉਨ੍ਹਾਂ ਨੂੰ ਪਹਿਲਾਂ ਹੀ ਆਰਥਿਕ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹੁਣ ਡੀਜ਼ਲ ਅਤੇ ਹੋਰ ਕੀਟਨਾਸ਼ਕ ਦਵਾਈਆਂ ਦੇ ਰੇਟ ਵਧਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਸ 'ਤੇ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਹੋਰ ਤਿੱਖਾ ਸੰਘਰਸ਼ ਕੀਤਾ ਜਾਵੇਗਾ।