ਫ਼ਤਿਹਗੜ੍ਹ ਸਾਹਿਬ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿੱਚ ਸਿਆਸਦਾਨਾਂ ਵਿਰੁੱਧ ਲਗਾਤਾਰ ਰੋਸ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਕਿਸਾਨਾਂ ਦੇ ਇਸ ਰੋਹ ਦਾ ਉਦੋਂ ਸਾਹਮਣਾ ਕਰਨਾ ਪਿਆ, ਜਦੋਂ ਉਹ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਸਨ। ਇਸ ਦੌਰਾਨ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਕਾਲੀਆਂ ਝੰਡੀਆਂ ਵਿਖਾਉਂਦੇ ਹੋਏ ਭਰਵੀਂ ਨਾਅਰੇਬਾਜ਼ੀ ਕੀਤੀ ਗਈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨਾਲ ਲੈ ਕੇ ਪਿਛਲੇ ਇੱਕ ਮਹੀਨੇ ਤੋਂ ਦਿੱਲੀ ਦੇ ਵਿੱਚ ਕਿਸਾਨਾਂ ਵੱਲੋਂ ਧਰਨਾ ਜਾਰੀ ਹੈ। ਕਿਸਾਨਾਂ ਵਿੱਚ ਲਗਾਤਾਰ ਸਿਆਸੀ ਲੀਡਰਾਂ ਵਿਰੁੱਧ ਰੋਹ ਵਧਦਾ ਜਾ ਰਿਹਾ ਹੈ, ਜਿਸ ਤਹਿਤ ਹੀ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ ਕੀਤਾ ਗਿਆ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਸੁਖਬੀਰ ਬਾਦਲ ਅੱਜ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ। ਕਿਸਾਨ ਜਥੇਬੰਦੀਆਂ ਨੂੰ ਜਿਵੇਂ ਹੀ ਉਨ੍ਹਾਂ ਦੇ ਆਉਣ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਤੁਰੰਤ ਕਾਲੀਆਂ ਝੰਡੀਆਂ ਵਿਖਾਉਂਦੇ ਹੋਏ ਗੁਰਦੁਆਰਾ ਸਾਹਿਬ ਨਜ਼ਦੀਕ ਬਾਦਲ ਦਾ ਵਿਰੋਧ ਕੀਤਾ ਅਤੇ ਭਰਵੀਂ ਨਾਅਰੇਬਾਜ਼ੀ ਕੀਤੀ ਗਈ।
ਕਿਸਾਨਾਂ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਦਾ ਵਿਰੋਧ ਖੇਤੀ ਕਾਨੂੰਨਾਂ ਦੀ ਹਮਾਇਤ ਕਰਨ ਨੂੰ ਲੈ ਕੇ ਕੀਤਾ ਗਿਆ ਹੈ, ਕਿਉਂਕਿ ਪਹਿਲਾਂ ਸੁਖਬੀਰ ਬਾਦਲ ਨੇ ਵੀ ਇਨ੍ਹਾਂ ਕਾਨੂੰਨਾਂ 'ਤੇ ਸਹਿਮਤੀ ਪ੍ਰਗਟ ਕੀਤੀ ਸੀ। ਹੁਣ ਇਹ ਇਥੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਡਰਾਮੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਆਉਣ ਦਾ ਪਹਿਲਾਂ ਪਤਾ ਨਹੀਂ ਲਗਿਆ ਨਹੀਂ ਤਾਂ ਗੁਰਦੁਆਰਾ ਸਾਹਿਬ ਵਿੱਚ ਵੜਨ ਨਹੀਂ ਦਿੱਤਾ ਜਾਣਾ ਸੀ।
ਕਿਸਾਨਾਂ ਨੇ ਕਿਹਾ ਕਿ ਉਹ ਕਿਸੇ ਵੀ ਪਾਰਟੀ ਦੇ ਆਗੂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦੇਣਗੇ, ਜਿਹੜਾ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸਾਥ ਨਹੀਂ ਦੇਵੇਗਾ।