ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵਿੱਚ ਲਗਾਤਾਰ ਰੋਸ ਦੇਖਣ ਨੂੰ ਮਿਲ ਰਿਹਾ ਹੈ। ਬੀਤੇ ਦਿਨ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ ਸੀ ਜੋ ਕਿ ਬੇਸਿੱਟਾ ਰਹੀ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਭਰ ਵਿੱਚ ਕੀਤੇ ਜਾ ਰਹੇ ਰੋਸ-ਮੁਜ਼ਾਹਰਿਆਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਰੋਸ-ਮੁਜ਼ਾਹਰਿਆਂ ਦੇ ਨਾਲ-ਨਾਲ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਵੀ ਜਾਰੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਜੋ ਦਿੱਲੀ ਵਿੱਚ ਬਦਸਲੂਕੀ ਕੀਤੀ ਹੈ, ਉਸ ਦੀ ਪੁਰਜ਼ੋਰ ਨਿੰਦਿਆ ਕਰਦੇ ਹਾਂ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਉੱਥੇ ਮੀਟਿੰਗ ਲਈ ਬੁਲਾਇਆ ਗਿਆ ਸੀ, ਪਰ ਮੀਟਿੰਗ ਵਿੱਚ ਕੋਈ ਵੀ ਮੰਤਰੀ ਨਹੀਂ ਪਹੁੰਚਿਆ, ਜੋ ਕਿ ਸਰਾਸਰ ਕਿਸਾਨਾਂ ਦੀ ਬੇਇੱਜ਼ਤੀ ਹੈ।
ਉਥੇ ਹੀ ਕਿਸਾਨਾਂ ਦਾ ਕਹਿਣਾ ਹੈ ਕਿ 17 ਅਕਤੂਬਰ ਵਾਲੇ ਦਿਨ ਪੂਰੇ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਦੇ ਪੁਤਲੇ ਫੂਕੇ ਜਾਣਗੇ। ਬੀਕੇਯੂ ਦੇ ਜਨਰਲ ਸਕੱਤਰ ਨੇ ਦੱਸਿਆ ਕਿ ਪਿੰਡਾਂ ਅਤੇ ਬਲਾਕ ਪੱਧਰਾਂ ਉੱਤੇ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਕਿ ਪਿੰਡਾਂ ਵਿੱਚ ਆਉਣ ਵਾਲੇ ਬੀਜੇਪੀ ਲੀਡਰਾਂ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦੇਣਗੀਆਂ ਅਤੇ ਲੀਡਰਾਂ ਨੂੰ ਘੇਰ ਕੇ ਉਨ੍ਹਾਂ ਨੂੰ ਪਿੰਡ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ।
ਉੱਥੇ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਬੀਜੇਪੀ ਦੇ ਵਰਕਰਾਂ ਅਤੇ ਨੇਤਾਵਾਂ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ।