ਫ਼ਤਿਹਗੜ੍ਹ ਸਾਹਿਬ: ਦੇਸ਼ ਦਾ ਅੰਨਦਾਤਾ ਕਿਸਾਨ ਪਹਿਲਾਂ ਹੀ ਸਮੇਂ ਦੀਆਂ ਸਰਕਾਰਾਂ ਦੀ ਬੇਰੁਖ਼ੀ ਦਾ ਸ਼ਿਕਾਰ ਹੁੰਦਾ ਆ ਰਿਹਾ ਹੈ। ਉੱਥੇ ਹੀ ਕੁਦਰਤੀ ਆਫ਼ਤਾਂ ਕਾਰਨ ਕਿਸਾਨਾਂ ਨੂੰ ਵੱਡੀ ਮਾਰ ਪੈ ਰਹੀ ਹੈ। ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਸੱਦੋਮਾਜਰਾ ਨੇੜੇ ਕਿਸਾਨਾਂ ਦੀ ਕਣਕ ਦੀ ਖੜ੍ਹੀ ਫਸਲ ਨੂੰ ਅੱਗ ਲੱਗਣ ਕਾਰਨ 45 ਏਕੜ ਫਸਲ ਸੜ ਕੇ ਸੁਆਹ ਹੋ ਗਈ ਹੈ।
ਕਿਸਾਨ ਕਰਨੈਲ ਸਿੰਘ ਨੇ ਦੱਸਿਆ ਕਿ ਅਚਾਨਕ ਕਣਕ ਦੀ ਖੜ੍ਹੀ ਫਸਲ ਨੂੰ ਅੱਗ ਲੱਗ ਜਾਣ ਕਾਰਨ ਵੱਖ-ਵੱਖ ਕਿਸਾਨਾਂ ਦੀ ਫਸਲ ਸੜ ਕੇ ਸੁਆਹ ਹੋ ਗਈ। ਉਨ੍ਹਾਂ ਦੱਸਿਆ ਕਿ ਫਾਇਰ ਬ੍ਰਿਗੇਡ ਅਤੇ ਕਿਸਾਨਾਂ ਵੱਲੋਂ ਟਰੈਕਟਰਾਂ ਰਾਹੀਂ ਅੱਗ ਉੱਤੇ ਬੜੀ ਮੁਸ਼ੱਕਤ ਨਾਲ ਕਾਬੂ ਪਾਇਆ ਗਿਆ। ਫਿਰ ਵੀ ਕਰੀਬ 45 ਏਕੜ ਵੱਖ ਵੱਖ ਕਿਸਾਨਾਂ ਦੀ ਫਸਲ ਸੜ ਕੇ ਸੁਆਹ ਹੋ ਗਈ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਫ਼ਸਲ ਸੜਨ ਤੋਂ ਬਾਅਦ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਦੁੱਖ ਦੀ ਘੜੀ ਵਿੱਚ ਸਾਰ ਲੈਣ ਨਹੀਂ ਪਹੁੰਚਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਉਨ੍ਹਾਂ ਨੂੰ ਫਸਲ ਦਾ ਮੁਆਵਜਾ ਦਿੱਤਾ ਜਾਵੇ।