ਸ੍ਰੀ ਫ਼ਤਿਹਗੜ੍ਹ ਸਾਹਿਬ: 71ਵੇਂ ਗਣਤੰਤਰ ਦਿਵਸ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਸਬੰਧ ਵਿੱਚ ਸਰਹਿੰਦ ਵਿਖੇ ਪੰਜਾਬ ਪੁਲਿਸ ਨੇ ਫੁੱਲ ਡਰੈਸ ਰਿਹਰਸਲ ਕੀਤੀ। ਇਸ ਮੌਕੇ 'ਤੇ ਸੱਭਿਆਚਾਰਕ ਪ੍ਰੋਗਰਾਮ, ਪੀ.ਟੀ. ਸ਼ੋਅ ਅਤੇ ਹੋਰ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਰਿਹਰਸਲ ਕੀਤੀ। ਇਸ ਤੋਂ ਇਲਾਵਾ ਮਾਰਚ ਪਾਸਟ ਵਿੱਚ ਹਿੱਸਾ ਲੈਣ ਵਾਲੀਆਂ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਦੇ ਕੈਡਿਟਾਂ ਦੀਆਂ ਟੁਕੜੀਆਂ ਨੇ ਵੀ ਭਾਗ ਲਿਆ।
ਜ਼ਿਕਰਯੋਗ ਹੈ ਕਿ ਫ਼ਤਿਹਗੜ੍ਹ ਸਾਹਿਬ ਵਿਖੇ ਮਨਾਏ ਜਾਣ ਵਾਲੇ 71ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਨੂੰ ਅਦਾ ਕਰਨਗੇ। ਮੁੱਖ ਮਹਿਮਾਨ ਇਸ ਮੋਕੇ 'ਤੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਐਨ.ਸੀ.ਸੀ. ਦੇ ਕੈਡਿਟਾਂ ਦੀਆਂ ਟੁਕੜੀਆਂ ਦੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ ਅਤੇ ਪਰੇਡ ਦਾ ਨਰੀਖਣ ਵੀ ਕਰਨਗੇ। ਗਣਤੰਤਰ ਦਿਵਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।
ਇਹ ਵੀ ਪੜ੍ਹੋ: 26 ਤੇ 27 ਜਨਵਰੀ ਨੂੰ ਸੂਬੇ ਦੇ ਕਈ ਹਿੱਸਿਆਂ 'ਚ ਪਵੇਗਾ ਮੀਂਹ, ਵਧੇਗੀ ਠੰਡ: ਮੌਸਮ ਵਿਭਾਗ
ਇਸ ਮੌਕੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਤੋਂ ਇਲਾਵਾ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੀ.ਟੀ. ਸ਼ੋਅ ਅਤੇ ਹੋਰ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ ਜਾਵੇਗਾ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਜਾਣਗੀਆਂ।