ਸ੍ਰੀ ਫਤਹਿਗੜ੍ਹ ਸਾਹਿਬ: ਪੰਜਾਬ ਸਰਕਾਰ ਸੂਬੇ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦੇਵੇਗੀ ਅਤੇ ਹੜ੍ਹ ਪੀੜ੍ਹਤਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਡਾ, ਬਲਬੀਰ ਸਿੰਘ ਨੇ ਸਿਵਲ ਹਸਪਤਾਲ ਵਿਖੇ ਕੀਤੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਜਿੱਥੇ ਲੋਕਾਂ ਅਤੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਦਿਲ ਖੋਲ੍ਹ ਕੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਦੇਣ ਦੀ ਅਪੀਲ ਕੀਤੀ, ਉੱਥੇ ਉਨ੍ਹਾਂ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਦੇਣ ਦੀ ਗੱਲ ਕਹੀ।
ਮਹੀਨੇ ਦੀ ਤਨਖਾਹ ਦਾਨ: ਬਲਬੀਰ ਸਿੰਘ ਅੱਜ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਸਿਵਲ ਹਸਪਤਾਲ ਵਿਖੇ ਅਧਿਕਾਰੀਆਂ ਨੇ ਮੀਟਿੰਗ ਕੀਤੀ। ਉਥੇ ਹੀ ਉਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਆਉਣ ਦੇਵੇਗੀ ਅਤੇ ਹੜ੍ਹ ਪੀੜ੍ਹਤਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਦੇਣਗੇ।
ਬਿਮਾਰੀਆਂ ਫੈਲਣ ਦੀ ਸਮੱਸਿਆ: ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਜਿਸ ਤਰ੍ਹਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਪਟਿਆਲਾ ਵਿਖੇ ਹੜ੍ਹ ਪੀੜਤਾਂ ਲਈ ਕਾਰਜ ਕੀਤੇ ਜਾ ਰਹੇ ਹਨ, ਉਸੇ ਤਰ੍ਹਾਂ ਫ਼ਤਹਿਗੜ੍ਹ ਸਾਹਿਬ ਵਿਖੇ ਵੀ ਆਈ.ਐਮ.ਏ. ਵੱਲੋਂ ਇੱਕ ਐਂਬੂਲੈਸ 'ਤੇ ਪੰਜ ਲੱਖ ਰੁਪਏ ਦਿੱਤੇ ਜਾਣਗੇ। ਜਿਸ ਨਾਲ ਹੜ੍ਹ ਪੀੜਤਾਂ ਤੱਕ ਪਹੁੰਚ ਕਰਕੇ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਹੜ੍ਹਾਂ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ ਪਰ ਹੁਣ ਸਾਡੇ ਸਾਹਮਣੇ ਮੱਖੀ, ਮੱਛਰਾਂ ਅਤੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਫੈਲਣ ਦੀ ਸਮੱਸਿਆ ਆ ਖੜੀ ਹੈ। ਪੰਜਾਬ ਸਰਕਾਰ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਵਾਸਤੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ,ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪੀਣ ਵਾਲੇ ਪਾਣੀ ਵਿੱਚ ਕਲੋਰੀਨ ਦੀਆਂ ਗੋਲੀਆਂ ਪਾ ਕੇ ਹੀ ਪਾਣੀ ਨੂੰ ਪੀਣ ਲਈ ਵਰਤਿਆ ਜਾਵੇ ਅਤੇ ਕਲੋਰੀਨ ਦੀਆਂ ਗੋਲੀਆਂ ਸਿਹਤ ਵਿਭਾਗ ਵੱਲੋਂ ਲੋਕਾਂ ਨੁੰ ਘਰ-ਘਰ ਮੁਹੱਈਆ ਕਰਵਾਈਆਂ ਜਾਣਗੀਆਂ।
ਸੂਬਾ ਪੱਧਰੀ ਮੁਹਿੰਮ: ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸੂਬਾ ਪੱਧਰ 'ਤੇ ਇੱਕ ਮੁਹਿੰਮ ਸ਼ੁਰੂ ਕਰ ਰਹੇ ਹਨ,ਜਿਸ ਵਿੱਚ ਆਸ਼ਾ ਵਰਕਰਾਂ ਤੋਂ ਲੈ ਕੇ ਮੁੱਖ ਮੰਤਰੀ ਤੱਕ ਦੀ ਸ਼ਮੂਲੀਅਤ ਨਾਲ ਘਰਾਂ ਵਿੱਚ ਪਏ ਕੂਲਰਾਂ, ਫਰਿੱਜਾਂ, ਟੁੱਟੇ ਭਾਂਡਿਆਂ, ਗਮਲਿਆਂ ਅਤੇ ਟਾਇਰਾਂ ਆਦਿ ਵਿੱਚੋਂ ਪਾਣੀ ਸੁਕਾਇਆ ਜਾਵੇਗਾ ਤਾਂ ਜੋ ਪੰਜਾਬ ਨੂੰ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਫ਼ਤਹਿਗੜ੍ਹ ਸਾਹਿਬ ਵਿਖੇ ਛੇਤੀ ਹੀ 20 ਬਿਸਤਰਿਆਂ ਦਾ ਆਈ.ਸੀ.ਯੂ. ਕੇਂਦਰ ਸ਼ੁਰੂ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਿਹਤ ਸੇਵਾਵਾਂ ਹਾਸਲ ਲੈਣ ਲਈ ਪ੍ਰਾਈਵੇਟ ਹਸਪਤਾਲਾਂ ਵਿੱਚ ਨਾ ਜਾਣਾ ਪਵੇ। ਉਨ੍ਹਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਸਰਕਾਰ ਦਾ ਸਾਥ ਦੇਣ ਤਾਂ ਜੋ ਲੋਕਾਂ ਨੂੰ ਸਿਹਤ ਸਹੂਲਤਾਂ ਹਾਸਲ ਹੋ ਸਕਣ।