ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਅਫਸਰਾਂ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਦਾ ਚੈੱਕਅੱਪ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲਾਏ ਸੈਕਟਰ ਅਫ਼ਸਰਾਂ ਦੀ ਅਗਵਾਈ ਵਿੱਚ ਪਹਿਲਾਂ ਪੰਚ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੈਂਪ ਸਬੰਧੀ ਸੁਨੇਹਾ ਲਗਾਇਆ ਜਾਂਦਾ ਹੈ ਅਤੇ ਫਿਰ ਪਿੰਡ ਦੀ ਸਾਂਝੀ ਥਾਂ ਉਤੇ ਲਾਏ ਜਾਂਦੇ ਕੈਂਪ ਵਿੱਚ ਡਾਕਟਰਾਂ ਵੱਲੋਂ ਚੈਕਅੱਪ ਕਰ ਕੇ ਲੋੜਵੰਦਾਂ ਨੂੰ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਇਸ ਪ੍ਰਕਿਰਿਆ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਖਾਸ ਖਿਆਲ ਰੱਖਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਸਬੰਧੀ ਪਿੰਡਾਂ ਵਿੱਚ ਸਥਿਤ ਗੁਰਦੁਆਰਾ ਸਾਹਿਬਾਨ ਵਿੱਚੋਂ ਲਗਾਤਾਰ ਅਨਾਊਂਸਮੈਂਟਸ ਵੀ ਕਰਵਾਈਆਂ ਜਾ ਰਹੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਜ਼ਰੂਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।