ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਕਰਵਾਈ ਗਈ। ਇਸ ਮਗਰੋਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵਿਸ਼ਾਲ ਮਹੱਲਾ ਸਜਾਇਆ ਗਿਆ ਹੈ ਜਿਸ ਵਿੱਚ ਘੋੜਸਵਾਰ ਨਿਹੰਗ ਸਿੰਘਾਂ ਨੇ ਆਪਣੇ ਜੌਹਰ ਦਿਖਾਏ।
ਘੋੜਸਵਾਰ ਨਿਹੰਗ ਸਿੰਘਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਇੱਥੇ ਘੋੜਸਵਾਰੀ ਕਰਦੇ ਹਨ ਤੇ ਆਪਣੇ ਜੌਹਰ ਦਿਖਾਉਂਦੇ ਹਨ। ਉਨ੍ਹਾਂ ਕਿਹਾ ਕਿ ਘੋੜਿਆਂ ਦੀ ਸਾਂਭ ਸੰਭਾਲ ਦੇ ਲਈ ਉਨ੍ਹਾਂ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ ਅਤੇ ਖਾਣ ਦੇ ਲਈ ਉਨ੍ਹਾਂ ਵੱਲੋਂ ਹਰਾ ਚਾਰਾ ਤੂੜੀ ਅਤੇ ਛੋਲਿਆਂ ਅਤੇ ਫੀਡ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਫ੍ਰੀ ਵਿੱਚ ਘੋੜ ਸਵਾਰੀ ਵੀ ਸਿਖਾਈ ਜਾਂਦੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਵੱਲੋਂ ਦਿੱਤੇ ਹੋਏ ਸਿੱਖੀ ਸਰੂਪ ਵਿੱਚ ਸਜਣਾ ਚਾਹੀਦਾ ਹੈ ਅਤੇ ਸਿੱਖਿਆਵਾਂ ਤੇ ਚੱਲਦੇ ਹੋਏ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ।