ਫਤਿਹਗੜ੍ਹ ਸਾਹਿਬ: ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨਿਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ ਸੈਮੀਨਾਰ ਕਮੇਟੀ ਦੇ ਚੇਅਰਮੈਨ ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇਨ੍ਹਾਂ ਸਮਾਗਮਾਂ ਦਾ ਲੇਖਾ-ਜੋਖਾ ਕਰਨ ਲਈ ਬੁਲਾਈ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਪ੍ਰੋ. ਬਡੂੰਗਰ ਨੇ ਕਿਹਾ ਕਿ ਦੁਨੀਆਂ ਦੇ ਹਰ ਕੋਨੇ ਵਿਚ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਦੇ ਪ੍ਰਚਾਰ-ਪ੍ਰਸਾਰ ਨੂੰ ਮੱਦੇਨਜ਼ਰ ਵਿਸ਼ਾਲ ਸਮਾਗਮ ਉਲੀਕੇ ਗਏ ਸਨ।
ਮੀਟਿੰਗ ਵਿਚ ਸੈਮੀਨਾਰ ਕਮੇਟੀ ਵੱਲੋਂ ਆਯੋਜਿਤ 13 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰਾਂ ਤੋਂ ਇਲਾਵਾ 51 ਵਿਚਾਰ ਗੋਸ਼ਟੀਆਂ ਦਾ ਲੇਖਾ ਜੋਖਾ ਪੇਸ਼ ਕੀਤਾ ਗਿਆ। ਜ਼ਿਕਰਯੋਗ ਹੈ ਕਿ 13 ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੈਮੀਨਾਰ ਆਯੋਜਿਤ ਕੀਤੇ ਗਏ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਥਾਵਾਂ ਤੇ ਕਰਵਾਏ ਗਏ ਅੰਤਰਰਾਸ਼ਟਰੀ ਸਮਾਗਮਾਂ ਵਿੱਚ ਵਿਦਵਾਨਾਂ ਦੇ ਪੜੇ ਗਏ ਪਰਚਿਆਂ ਦਾ ਇਕ ਕਿਤਾਬਚਾਂ ਤਿਆਰ ਕੀਤਾ ਜਾਵੇਗਾ ਤਾਂ ਜੋ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਖੋਜ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੀ ਖੋਜ ਕਰਨ ਲਈ ਸਹਾਇਤਾ ਮਿਲੇਗੀ ਤੇ ਆਗਾਮੀ ਦਿਨਾਂ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਲੌਂਗੋਵਾਲ ਨੂੰ ਇੱਕ ਇਤਿਹਾਸਕ ਖੋਜ ਭਰਪੂਰ ਦਸਤਾਵੇਜ਼ ਦੇ ਤੌਰ ਤੇ ਸੌਂਪਿਆ ਜਾਵੇਗਾ।