ਫ਼ਤਿਹਗੜ੍ਹ ਸਾਹਿਬ: ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਵੱਖ ਵੱਖ ਰਾਜਾਂ ਜ਼ਿਲ੍ਹਿਆਂ ਅਤੇ ਸ਼ਹਿਰਾਂ ਤੋਂ ਹੁੰਦਿਆਂ ਹੋਇਆ ਦੇਰ ਰਾਤ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿੱਖੇ ਪਹੁੰਚਿਆ। ਨਗਰ ਕੀਰਤਨ ਦਾ ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਸੰਗਤਾਂ ਵੱਲੋਂ ਇਸ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਦੇ ਅਗਲੇ ਪੜਾਵਾਂ 'ਤੇ ਚਾਨਣਾ ਪਾਉਂਦਿਆਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਨੱਥਾ ਸਿੰਘ ਨੇ ਦੱਸਿਆ ਕਿ ਰਾਤ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਸ਼ਰਾਮ ਕਰਨ ਤੋਂ ਬਾਅਦ ਨਗਰ ਕੀਰਤਨ ਸਵੇਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ ।ਨੱਥਾ ਸਿੰਘ ਨੇ ਮੀਡੀਆ ਰਾਹੀਂ ਸੰਗਤਾਂ ਨੂੰ ਜਿੱਥੇ ਆਪਣੇ ਨਾਲ ਜੁੜਨ ਦਾ ਸੁਨੇਹਾ ਦਿੱਤਾ ਉੱਥੇ ਹੀ ਨਗਰ ਕੀਰਤਨ ਦੇ ਸਵਾਗਤ ਅਤੇ ਉਚੇਚੇ ਤੌਰ 'ਤੇ ਰਹਿਣ ਦੇ ਵਿਸ਼ੇਸ਼ ਪ੍ਰਬੰਧ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ।
ਇਹ ਵੀ ਪੜ੍ਹੋ- ਦਿੱਲੀ ਕਮੇਟੀ ਕੁਝ ਸਮੇਂ ਮੁਲਤਵੀ ਕਰੇ ਨਨਕਾਣਾ ਸਾਹਿਬ ਲਈ ਨਗਰ ਕੀਰਤਨ: ਗਿਆਨੀ ਹਰਪ੍ਰੀਤ ਸਿੰਘ
ਜ਼ਿਕਰਯੋਗ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿੱਖੇ ਮਨਾਇਆ ਜਾਵੇਗਾ ਜਿਸ ਦੇ ਮੱਦੇਨਜ਼ਰ ਇਹ ਕੌਮਾਂਤਰੀ ਨਗਰ ਕੀਰਤਨ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ 17 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿੱਖੇ ਸਮਾਪਤ ਹੋਵੇਗਾ।