ਫ਼ਤਿਹਗੜ੍ਹ ਸਾਹਿਬ: ਪੰਜਾਬ ਸਰਕਾਰ ਵੱਲੋ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸੂਬੇ ਦੇ ਵੱਖ ਵੱਖ ਖੇਤਰਾਂ 'ਚ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ। ਫ਼ਤਿਹਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ 'ਚ ਲੱਗੇ ਰੁਜ਼ਗਾਰ ਮੇਲੇ 'ਚ ਭਾਰਤ ਦੀਆਂ ਨਾਮੀ ਕੰਪਨੀਆਂ ਨੇ ਹਿੱਸਾ ਲਿਆ ਜਿਸ 'ਚ ਮੁੰਬਈ ਸਥਿਤ ਜ਼ਾਰੋ ਕੰਪਨੀ ਨੌਜਵਾਨਾਂ ਲਈ 14-15 ਲੱਖ ਦਾ ਪੈਕੇਜ ਦੇ ਰਹੀ ਹੈ।
ਜਾਣਕਾਰੀ ਦਿੰਦਿਆਂ ਫ਼ਤਹਿਗੜ੍ਹ ਸਾਹਿਬ ਦੇ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮਾਤਾ ਗੁਜਰੀ ਕਾਲਜ ਵਿੱਖੇ ਲਾਏ ਗਏ ਮੈਗਾ ਰੁਜ਼ਗਾਰ ਮੇਲੇ ਦੌਰਾਨ ੨੨ ਤੋਂ ਵੱਧ ਨਾਮਵਰ ਕੰਪਨੀਆਂ ਨੇ ਪੁੱਜ ਕੇ ਬੇਰੁਜ਼ਗਾਰਾਂ ਦੀ ਰੁਜ਼ਗਾਰ ਲਈ ਚੋਣ ਕੀਤੀ ਹੈ। ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ 'ਚ ਪੁੱਜ ਕੇ ਰੁਜ਼ਗਾਰ ਹਾਸਲ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਮੇਲਿਆਂ ਰਾਹੀਂ ਜਿਥੇ ਘਰ-ਘਰ ਨੌਕਰੀ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਉਥੇ ਹੀ ਸਵੈ ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਮੌਕੇ 'ਤੇ ਹੀ ਬਿਨਾਂ ਕਿਸੇ ਦੇਰੀ ਤੋਂ ਕਰਜ਼ੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਬੇਰੁਜ਼ਗਾਰ ਨੌਜਵਾਨ ਸਵੈ ਰੁਜ਼ਗਾਰ ਧੰਦੇ ਸ਼ੁਰੂ ਕਰ ਸਕਣ।
ਇਹ ਵੀ ਪੜ੍ਹੋ- ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕੈਪਟਨ ਨੂੰ ਦਿੱਤੀ ਨਸੀਹਤ
ਨੌਕਰੀ ਪ੍ਰਾਪਤ ਕਰਨ ਆਏ ਨੌਜਵਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਇਸ ਮੇਲੇ ਰਾਹੀਂ ਰੁਜ਼ਗਾਰ ਮਿਲ ਰਿਹਾ ਹੈ ਅਤੇ ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਤੰਬਰ ਮਹੀਨੇ ਦੇ ਅੰਤ ਤੱਕ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲਿਆਂ ਰਾਹੀਂ ਨਿਜੀ ਖੇਤਰਾਂ 'ਚ ਰਾਜ ਭਰ ਦੇ 2.10 ਲੱਖ ਬੇਰੁਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਦੇ ਚੱਲਦਿਆਂ ਸੂਬੇ ਦੇ ਵੱਖ ਵੱਖ ਖੇਤਰਾਂ 'ਚ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਗੁਰਦਾਸਪੁਰ ਵਿੱਖੇ ਲੱਗੇ ਰੁਜ਼ਗਾਰ ਮੇਲੇ 'ਚ 18 ਕੰਪਨੀਆਂ ਨੇ ਹਿੱਸਾ ਲਿਆ ਸੀ ਜਿਸ 'ਚ 529 ਨੌਜਵਾਨਾਂ ਨੂੰ ਵੱਖ ਵੱਖ ਕੰਪਨੀਆਂ ਵੱਲੋਂ ਨੌਕਰੀ ਲਈ ਚੁਣਿਆ ਗਿਆ ਸੀ।