ਸ੍ਰੀ ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਬਿੱਲਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਫ਼ਤਿਹਗੜ੍ਹ ਸਾਹਿਬ ਦੀ ਸਰਹਿੰਦ ਦਾਣਾ ਮੰਡੀ ਵਿੱਚ ਲੋਕ ਇਨਸਾਫ਼ ਪਾਰਟੀ ਵੱਲੋਂ ਕਿਸਾਨਾਂ ਦਾ ਇਕੱਠ ਕਰ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਹ ਕਿਸਾਨਾਂ ਦਾ ਇਕੱਠ ਸਰਹੱਦ ਤੋਂ ਦਿੱਲੀ ਵੱਲ ਕੂਚ ਕਰਨ ਦੀ ਤਿਆਰੀ ਵਿੱਚ ਹੈ ਜਿਸ ਵਿੱਚ ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਐਮਐਲਏ ਬਲਵਿੰਦਰ ਸਿੰਘ ਬੈਂਸ ਸ਼ਾਮਿਲ ਹੋਣਗੇ।
ਲੋਕ ਇਨਸਾਫ਼ ਪਾਰਟੀ ਦੇ ਆਗੂ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਪਹਿਲਾਂ ਜਵਾਨ ਮਾਰਿਆ ਏ ਹੁਣ ਕਿਸਾਨਾਂ ਨੂੰ ਮਾਰਨ ਵਿੱਚ ਲੱਗੀ ਹੋਈ ਹੈ। ਨਸ਼ਿਆਂ ਨਾਲ ਜਵਾਨ ਮਰ ਚੁੱਕੇ ਹਨ ਤੇ ਹੁਣ ਕਿਸਾਨ ਵਿਰੋਧੀ ਆਰਡੀਨੈਂਸ ਲਿਆ ਕੇ ਕਿਸਾਨੀ ਨੂੰ ਮਾਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਖੇਤੀ ਆਰਡੀਨੈਂਸ ਲਿਆ ਕੇ ਪੰਜਾਬ ਨੂੰ ਪੂਰੀ ਤਬਾਹ ਕਰਨ ਦੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਇੱਕ ਬੇ-ਜ਼ੁਬਾਨ ਪਾਰਟੀ ਹੈ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਲੋਕ ਇਨਸਾਫ਼ ਪਾਰਟੀ ਕਿਸਾਨਾਂ ਦੇ ਨਾਲ ਹੈ ਤੇ ਉਹ ਖੇਤੀ ਆਰਡੀਨੈਂਸਾਂ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦੇਣਗੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਖੇਤੀ ਆਰਡੀਨੈਂਸ ਕੇਂਦਰ ਸਰਕਾਰ ਲਿਆ ਰਹੀ ਹੈ ਉਹ ਆਰਡੀਨੈਂਸ ਉੱਤਰ ਪ੍ਰਦੇਸ਼ ਤੇ ਬਿਹਾਰ ਵਿੱਚ ਪਹਿਲਾਂ ਤੋਂ ਹੀ ਲਾਗੂ ਹੈ। ਇਨ੍ਹਾਂ ਆਰਡੀਨੈਂਸਾਂ ਨਾਲ ਉੱਥੇ ਦੀ ਕਿਸਾਨਾਂ ਦੀ ਹਾਲਾਤ ਹੁਣ ਬਹੁਤ ਹੀ ਮਾੜੀ ਹੈ। ਬਿਹਾਰ ਦੇ ਕਿਸਾਨ ਪੰਜਾਬ ਵਿੱਚ ਆ ਕੇ ਮਜ਼ਦੂਰੀ ਕਰਨ ਲਈ ਮਜ਼ਬੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਦਿੱਲੀ ਵੱਲ ਕੂਚ ਕਰਨਗੇ ਜਿੱਥੇ ਇਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਕੁਸ਼ਟ ਆਸ਼ਰਮ ਨੂੰ ਪੁਲਿਸ ਤੇ ਪ੍ਰਸ਼ਾਸਨ ਨੇ ਜ਼ਬਰਦਸਤੀ ਕਰਵਾਇਆ ਖਾਲੀ, ਢਾਹੇ 11 ਕੁਆਟਰ