ਸ੍ਰੀ ਫਤਿਹਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਨੂੰ ਮਾਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਗਏ 'ਮਿਸ਼ਨ ਫ਼ਤਿਹ' ਤਹਿਤ ਫਤਿਹਗੜ੍ਹ ਸਾਹਿਬ ਦੇ ਬਚਤ ਭਵਨ ਵਿਖੇ ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਫਰੰਟ ਲਾਈਨ 'ਤੇ ਲੜ ਰਹੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਦਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੈਜ ਲਗਾ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਜੰਗ ਲੜਨ ਵਾਲੇ ਹੋਰ ਯੋਧਿਆਂ ਦਾ ਵੀ ਵੱਖ-ਵੱਖ ਥਾਵਾਂ 'ਤੇ ਸਨਮਾਨ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਰੰਭੇ ਮਿਸ਼ਨ ਫ਼ਤਹਿ ਤਹਿਤ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਵਾਰ-ਵਾਰ ਹੱਥ ਧੋਣ, ਸਮਾਜਕ ਵਿੱਥ ਤੇ ਮਾਸਕ ਪਾਉਣ ਸਬੰਧੀ ਪ੍ਰੇਰਿਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਨਾਗਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਵਿਆਹ ਸ਼ਾਦੀਆਂ ਤੇ ਭੋਗ ਸਮਾਗਮਾਂ ਮੌਕੇ 21 ਵਿਅਕਤੀਆਂ ਦੇ ਤੋਂ ਵੱਧ ਇਕੱਠ ਨਾ ਕਰਨ ਸਬੰਧੀ ਵਿਸ਼ੇਸ਼ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਜਿੱਥੇ ਮਹਿੰਗਾਈ ਤੇ ਨੱਥ ਪਵੇਗੀ।
ਉੱਥੇ ਹੀ ਕਰਜ਼ਾ ਚੜ੍ਹਨ ਕਰਕੇ ਜੋ ਕਿਸਾਨ ਅਤੇ ਗਰੀਬ ਪਰਿਵਾਰਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਸੀ ਉਸ ਤੋਂ ਵੀ ਬਚਿਆ ਜਾ ਸਕੇਗਾ। ਇੱਥੇ ਤੁਹਾਨੂੰ ਦੱਸ ਦਈਏ ਕਿ ਸੂਬੇ ਵਿੱਚ ਕੋਰੋਨਾ ਵਾਇਰਸ ਦੇ 3267 ਮਾਮਲੇ ਸਾਹਮਣੇ ਆਏ ਹਨ ਤੇ 74 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਸਬੰਧੀ ਕਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਨਾਲ ਹੀ ਪੁਲਿਸ ਮੁਲਾਜ਼ਮ, ਸਿਹਤ ਵਿਭਾਗ ਦੇ ਮੁਲਾਜ਼ਮ ਤੇ ਡਾਕਟਰਾਂ ਫਰੰਟ ਲਾਈਨ 'ਤੇ ਕੋਰੋਨਾ ਨੂੰ ਮਾਤ ਦੇਣ ਲਈ ਜੰਗ ਲੜ ਰਹੇ ਹਨ।