ਫਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਜਿਥੇ ਕਿਸਾਨਾਂ ਵੱਲੋਂ ਦਿੱਲੀ ਵਿਖੇ ਵੱਡਾ ਅੰਦੋਲਨ ਕੀਤਾ ਜਾ ਰਿਹਾ ਹੈ ਉੱਥੇ ਪੰਜਾਬ ’ਚ ਵੱਖ-ਵੱਖ ਰਾਜਨੀਤਕ ਪਾਰਟੀਆਂ ਵੱਲੋਂ ਇਸ ਮੁੱਦੇ ’ਤੇ ਖੂਬ ਰਾਜਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਵਿਚ ਯੂਥ ਅਕਾਲੀ ਦਲ ਵੱਲੋਂ ਮੋਦੀ ਅਤੇ ਕੈਪਟਨ ਦਾ ਪੁਤਲਾ ਫੂਕਿਆ ਗਿਆ।
ਕਿਸਾਨਾਂ ਤੇ ਕਲਾਕਾਰਾਂ ’ਤੇ ਕੀਤੇ ਪਰਚੇ ਰੱਦ ਹੋਣੇ ਚਾਹੀਦੇ ਹਨ: ਰਾਜੂ ਖੰਨਾ
ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਲਾਗੂ ਕੀਤੇ ਗਏ ਹਨ ਉਸ ਦੇ ਸਬੰਧ ਵਿੱਚ ਯੂਥ ਅਕਾਲੀ ਦਲ ਦੇ ਵੱਲੋਂ ਅਮਲੋਹ ਦੇ ਮੰਡੀ ਗੋਬਿੰਦਗਡ਼੍ਹ ਚੌਕ ਵਿੱਚ ਕੈਪਟਨ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਜੋ ਕਿਸਾਨਾਂ ਅਤੇ ਕਲਾਕਾਰ ਨੌਜਵਾਨਾਂ ਤੇ ਪਰਚੇ ਕੀਤੇ ਗਏ ਹਨ ਉਨ੍ਹਾਂ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਣਾ ਚਾਹੀਦਾ ਹੈ।
ਨੌਜਵਾਨ ਕਿਸਾਨ ਅੰਦੋਲਨ ’ਚ ਵੱਧ-ਚੜ੍ਹ ਕੇ ਯੋਗਦਾਨ ਪਾਉਣ: ਰਾਜੂ ਖੰਨਾ
ਯੂਥ ਵਿੰਗ ਦੇ ਆਗੂ ਰਾਜੂ ਖੰਨਾ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤਿੰਨ ਖੇਤੀ ਕਾਨੂੰਨ ਜਲਦ ਤੋਂ ਜਲਦ ਰੱਦ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ। ਉਨ੍ਹਾਂ ਨੇ ਇਸ ਮੌਕੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ’ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।