ਫ਼ਤਿਹਗੜ੍ਹ ਸਾਹਿਬ: ਦੇਸ਼ ਭਰ ਵਿੱਚ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਪ੍ਰਦੇਸ਼ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ । ਇਸੇ ਲੜੀ ਤਹਿਤ ਅਮਲੋਹ ਦੇ ਗੁਰਦੁਆਰਾ ਸਿੰਘ ਸਭਾ ਅਮਲੋਹ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਇਸ ਦੌਰਾਨ ਨਗਰ ਕੀਰਤਨ ਦਾ ਸ਼ਹਿਰ ਦੀਆਂ ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਵਿੱਚ ਕੀਰਤਨੀ ਜੱਥੇ, ਬੈਂਡ ਵਾਜੇ ਦੀਆਂ ਪਾਰਟੀਆਂ ਦੇ ਇਲਾਵਾ ਗੱਤਕਾ ਟੀਮਾਂ ਨੇ ਵੀ ਆਪਣੇ ਕਲਾ ਦੇ ਜੌਹਰ ਦਿਖਾਏ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਦੀ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਵਿੱਚ ਸੰਪੰਨ ਹੋਇਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਦਰਸ਼ਨ ਸਿੰਘ ਚੀਮਾ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ।