ਸ੍ਰੀ ਫਤਿਹਗੜ੍ਹ ਸਾਹਿਬ: ਸੂਬੇ ਭਰ ’ਚ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਨਾਲ ਹੀ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਜ਼ਿਲ੍ਹੇ ’ਚ ਕੋਰੋਨਾ ਮਹਾਂਮਾਰੀ ਦੇ ਚੱਲਦੇ ਪਹਿਲੀ ਕਤਾਰ ’ਚ ਲੜਾਈ ਲੜਣ ਨਾਲੇ ਯੋਧਿਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦਾ ਸੋਸ਼ਣ ਕੀਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।
ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਉਨ੍ਹਾਂ ਦਾ ਸ਼ੋਸ਼ਣ
ਐੱਨਐੱਚਆਰਐੱਮ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਕਿ ਕਰਮਚਾਰੀ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਸੇਵਾ ਕਰ ਰਹੇ ਹਨ ਪਰ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪੱਕੇ ਨਾ ਕਰ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿੱਚ ਕਰੀਬ 9000 ਕਰਮਚਾਰੀਆਂ ਨੇ ਇਸ ਸ਼ੋਸ਼ਣ ਤੋਂ ਤੰਗ ਹੋ ਕੇ ਪੂਰੇ ਪੰਜਾਬ ਵਿੱਚ ਹੜਤਾਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦਾ ਮੁਕੰਮਲ ਕੰਮ ਬੰਦ ਕਰ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਵੈਕਸੀਨੇਸਨ ਦਾ ਕੰਮ, ਕੋਰੋਨਾ ਸੈਪਲਿੰਗ ਦਾ ਕੰਮ ਅਤੇ ਐਮਰਜੈਸੀ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਹਨ।
ਇਹ ਵੀ ਪੜੋ: ਅੱਜ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਨਾਲ ਕਰਨਗੇ ਗੱਲਬਾਤ
ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਲਾਜ਼ਮਾਂ ਲਈ ਬਕਵਾਸ ਸ਼ਬਦ ਵਰਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਹਿਲਾਂ ਤਾਂ ਮੁਲਾਜ਼ਮਾਂ ਨੂੰ ਕੋਰੋਨਾ ਯੋਧੇ ਕਿਹਾ ਜਾਂਦਾ ਸੀ ਤੇ ਆਪਣੀ ਅਤੇ ਆਪਣੇ ਪਰਿਵਾਰਾਂ ਦੀਆਂ ਜਾਨਾਂ ਖਤਰੇ ਵਿੱਚ ਪਾ ਕੇ ਸੇਵਾ ਕਰਨ ਵਾਲਿਆਂ ਲਈ ਇਹ ਸ਼ਬਦ ਵਰਤਨੇ ਕਿਸੇ ਵੀ ਹਾਲਤ ਵਿੱਚ ਸ਼ੋਭਾ ਨਹੀਂ ਦਿੰਦੇ।
ਸੰਘਰਸ਼ ਰਹੇਗਾ ਜਾਰੀ
ਇਸ ਦੌਰਾਨ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨ ਲੈਂਦੀ ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰੱਖਣਗੇ। ਉਨ੍ਹਾਂ ਵੱਲੋਂ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਚਾਹੇ ਉਹ ਵੈਕਸੀਨੇਸ਼ਨ ਹੋਵੇ ਜਾਂ ਕੋਰੋਨਾ ਸੈਂਪਲਿੰਗ ਹੋਵੇ ਉਹ ਨਹੀਂ ਕਰਨਗੇ।