ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਦੇ ਚਲਦੇ ਲੰਬੇ ਸਮੇਂ ਤੱਕ ਬੰਦ ਰਹਿਣ ਮਗਰੋਂ ਪੰਜਾਬ ਸਰਕਾਰ ਦੇ ਹੁਕਮਾਂ ਨਾਲ ਮੁੜ ਤੋਂ ਸਿੱਖਿਅਕ ਅਦਾਰੇ ਖੁੱਲ੍ਹ ਚੁੱਕੇ ਹਨ। ਕੋਰੋਨਾ ਦੇ ਡਰ ਕਰਾਨ ਮੁੜ ਤੋਂ ਸਕੂਲ ਖੁੱਲ੍ਹਣ ਦੇ ਬਾਵਜੂਦ ਵੀ ਕੁੱਝ ਮਾਪਿਆਂ ਵੱਲੋਂ ਬੱਚਿਆਂ ਨੂੰ ਸਕੂਲ ਨਹੀਂ ਭੇਜਿਆ ਜਾ ਰਿਹਾ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹਲਕਾ ਅਮਲੋਹ ਵਿਖੇ ਇੱਕ ਸਰਕਾਰੀ ਸਕੂਲ ਦੀ ਮਹਿਲਾ ਅਧਿਆਪਕ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ।
ਇਸ ਬਾਰੇ ਦੱਸਦੇ ਹੋਏ ਸਿਵਲ ਹਸਪਤਾਲ ਅਮਲੋਹ ਦੇ ਐਸਐਮਓ ਲਾਜਿੰਦਰ ਵਰਮਾ ਨੇ ਕਿਹਾ, " ਸਕੂਲ ਖੋਲ੍ਹਣ ਦੇ ਦੌਰਾਨ ਸਿਹਤ ਵਿਭਾਗ ਤੇ ਸਰਕਾਰ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮਿਸ਼ਨ ਫ਼ਤਿਹ ਦੇ ਤਹਿਤ ਜ਼ਿਲ੍ਹੇ ਭਰ ਦੇ ਸਾਰੇ ਹੀ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਕੋਰੋਨਾ ਟੈਸਟ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਜਦ ਅਮਲੋਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਅਧਿਆਪਕਾਂ ਦੇ ਟੈਸਟ ਕੀਤੇ ਗਏ ਤਾਂ ਇੱਕ ਮਹਿਲਾ ਅਧਿਆਪਕ ਦੇ ਕੋਰੋਨਾ ਪੌਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਐਸਐਮਓ ਨੇ ਦੱਸਿਆ ਕਿ ਕੋਰੋਨਾ ਪੌਜ਼ੀਟਿਵ ਮਹਿਲਾ ਅਧਿਆਪਕ ਨੂੰ ਇਕਾਂਤਵਾਸ 'ਚ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਉਕਤ ਮਰੀਜ਼ ਦੇ ਇਲਾਜ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਪੌਜ਼ੀਟਿਵ ਮਰੀਜ਼ ਦੇ ਸੰਪਰਕ ਵਿੱਚ ਕੁੱਲ 50 ਲੋਕ ਆਏ ਹਨ। ਸਿਹਤ ਵਿਭਾਗ ਵੱਲੋਂ ਹੋਰਨਾਂ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਜਲਦ ਤੋਂ ਜਲਦ ਹੋਰਨਾਂ ਲੋਕਾਂ ਨੂੰ ਵੀ ਕੋਰੋਨਾ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਕੂਲ ਨੂੰ ਕੁੱਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ। ਐਸਐਮਓ ਨੇ ਕਿਹਾ ਕਿ ਭਾਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਘੱਟ ਗਈ ਹੈ ਪਰ ਅਜੇ ਤੱਕ ਕੋਰੋਨਾ ਵਾਇਰਸ ਖ਼ਤਮ ਨਹੀਂ ਹੋਇਆ ਹੈ। ਇਸ ਲਈ ਹਰ ਕਿਸੇ ਨੂੰ ਆਪਣੀ ਸਿਹਤ ਸਬੰਧੀ ਜਾਗਰੂਕ ਰਹਿਣਾ ਚਾਹੀਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।