ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ ਦੀਆਂ ਵੱਖ ਵੱਖ ਕਿਸਾਨ ਜੱਥੇਬੰਦੀਆਂ ਧਰਨੇ ਦੇ ਰਹੀਆਂ ਹਨ। ਇਸੇ ਤਰ੍ਹਾਂ ਹੀ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ 'ਚ ਸਰਹਿੰਦ ਅਨਾਜ ਮੰਡੀ ਵਿੱਚ ਖੇਤੀ ਆਰਡੀਨੈਸਾਂ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦੇ ਹੋਏ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਖੇਤੀ ਆਰਡੀਨੈਂਸ ਜਾਰੀ ਕੀਤੇ ਗਏ ਹਨ ਉਹ ਕਿਸਾਨਾਂ ਲਈ ਬਹੁਤ ਖਤਰਨਾਕ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਇਨ੍ਹਾਂ ਕਿਸਾਨ ਮਾਰੂ ਆਰਡੀਨੈਂਸਾਂ ਨੂੰ ਰੱਦ ਕਰੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਆਰਡੀਨੈੱਸ ਪਾਸ ਹੁੰਦੇ ਹਨ ਤਾਂ ਕਿਸਾਨਾਂ ਨੂੰ ਇਸ ਨਾਲ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਇਸ ਮੌਕੇ ਗੱਲਬਾਤ ਕਰਦੇ ਹੋਏ ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਫੈਸਲਾ ਲਿਆ ਗਿਆ ਹੈ ਉਹ ਕਿਸਾਨ ਵਿਰੋਧੀ ਫ਼ੈਸਲਾ ਹੈ। ਕਿਸਾਨੀ ਨੂੰ ਬਚਾਉਣ ਲਈ ਉਨ੍ਹਾਂ ਦੇ ਵੱਲੋਂ ਹੋਰ ਤਿੱਖੇ ਸੰਘਰਸ਼ ਕੀਤੇ ਜਾਣਗੇ।
ਉੱਥੇ ਹੀ ਇਸ ਮੌਕੇ ਨਾਗਰਾ ਨੇ ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀ ਦਲ ਹੁਣ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਨਹੀਂ ਰਹੀ ਕਿਉਂਕਿ ਬਾਦਲ ਕੇਂਦਰ ਦਾ ਇੱਕ ਤੋਤਾ ਹੈ। ਜਿਸ ਨੂੰ ਜਿਵੇਂ ਕੇਂਦਰ ਕਹਿ ਰਿਹਾ ਹੈ ਉਹ ਹੀ ਬੋਲ ਰਿਹਾ ਹੈ। ਬਾਦਲ ਪਰਿਵਾਰ ਸਿਰਫ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਨੂੰ ਬਚਾਉਣ ਦੇ ਵਿੱਚ ਲੱਗਿਆ ਹੋਇਆ ਹੈ। ਇਸ ਲਈ ਉਹ ਪੰਜਾਬ ਦੇ ਕਿਸਾਨਾਂ ਦੇ ਲਈ ਕੁਝ ਵੀ ਨਹੀਂ ਕਰ ਰਹੇ।