ਫ਼ਤਿਹਗੜ੍ਹ ਸਾਹਿਬ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਆਪਣੇ ਇੱਕ ਨਿੱਜੀ ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਕਈ ਮੁੱਦਿਆਂ ਬਾਰੇ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਰਾਮਦੇਵ ਦੀ ਪਤੰਜਲੀ ਵੱਲੋਂ ਕੋਰੋਨਾ ਦੀ ਦਵਾਈ ਬਣਾਉਣ ਦੇ ਦਾਅਵੇ ਬਾਰੇ ਕਿਹਾ ਪੰਜਾਬ ਸਰਕਾਰ ਅਜਿਹੀ ਕਿਸੇ ਦਵਾਈ ਨੂੰ ਮਾਨਤਾ ਨਹੀਂ ਦੇ ਰਹੀ।
ਬਲਬੀਰ ਸਿੱਧੂ ਨੇ ਕਿਹਾ ਕਿ ਇਹ ਸਿਰਫ ਅਫਵਾਹ ਹੈ। ਇਸ ਨੂੰ ਨਾ ਤਾਂ ਭਾਰਤ ਸਰਕਾਰ ਨੇ ਮਾਨਤਾ ਦਿੱਤੀ ਹੈ ਅਤੇ ਨਾ ਹੀ ਪੰਜਾਬ ਸਰਕਾਰ ਨੇ ਮਾਨਤਾ ਦਿੱਤੀ ਹੈ। ਉਨ੍ਹਾਂ ਕਿਹਾ ਹਾਲੇ ਤੱਕ ਵਿਸ਼ਵ ਪੱਧਰ 'ਤੇ ਕੋਰੋਨਾ ਦੀ ਕੋਈ ਦਵਾਈ ਨਹੀਂ ਬਣੀ। ਉਨ੍ਹਾਂ ਲੋਕਾਂ ਨੂੰ ਇਸ ਦੇ ਝਾਂਸੇ ਵਿੱਚ ਨਾ ਫਸਣ ਦੀ ਸਲਾਹ ਦਿੱਤੀ।
ਪੱਤਰਕਾਰਾਂ ਵੱਲੋਂ ਡੀਜੀਪੀ ਦਿਨਕਰ ਗੁਪਤਾ ਦੀ ਪਤਨੀ ਵਿੰਨੀ ਮਹਾਜਨ ਨੂੰ ਮੁੱਖ ਸਕੱਤਰ ਬਣਾਏ ਜਾਣ ਦੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਵਿੰਨੀ ਮਹਾਜਨ ਇੱਕ ਕਾਬਿਲ ਅਫਸਰ ਹੈ। ਉਨ੍ਹਾਂ ਨੂੰ ਪ੍ਰਸ਼ਾਸਨ ਚਲਾਉਣ ਦਾ ਬਹੁਤ ਵਧੀਆ ਤਜ਼ਰਬਾ ਹੈ।