ਸ੍ਰੀ ਫਤਿਹਗੜ੍ਹ ਸਾਹਿਬ:ਮੰਡੀ ਗੋਬਿੰਦਗੜ੍ਹ ਵਿੱਚ ਪੈਂਦੇ ਨਹਿਰ ਕੰਢੇ ਨਾਜਾਇਜ਼ ਕਬਜ਼ੇ ਨੂੰ ਲੈ ਕੇ ਸਰਬ ਸਾਂਝੀ ਐਕਸ਼ਨ ਕਮੇਟੀ ਨੇ ਨਹਿਰੀ ਵਿਭਾਗ ਦੇ ਦਫਤਰ ਦੇ ਅੱਗੇ ਧਰਨਾ ਦਿੱਤਾ ਹੈ। ਸਰਬ ਸਾਂਝੀ ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਜਦੋਂ ਤਕ ਨਾਜਾਇਜ਼ ਕਬਜ਼ਾ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਇਸ ਮੌਕੇ ਉਨ੍ਹਾਂ ਵੱਲੋਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਸਰਬ ਸਾਂਝੀ ਐਕਸ਼ਨ ਕਮੇਟੀ ਦੇ ਪ੍ਰਧਾਨ ਸੁਤੰਤਰਦੀਪ ਸਿੰਘ ਨੇ ਕਿਹਾ ਕੇ ਉਨ੍ਹਾਂ ਵੱਲੋਂ ਨਹਿਰ ਕੰਢੇ ਬਣੇ ਨਾਜਾਇਜ਼ ਕਬਜ਼ਿਆ ਨੂੰ ਹਟਾਉਣ ਲਈ ਪ੍ਰਸ਼ਾਸਨ ਨੁੰ ਬਹੁਤ ਵਾਰ ਲਿਖ ਕੇ ਦਿੱਤਾ ਜਾ ਚੁੱਕਿਆ ਹੈ ਪਰ ਇਸ 'ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਵੀ ਚਿੱਠੀਆਂ ਪਾਈਆਂ ਗਈਆਂ ਸਨ ਪਰ ਇਸ 'ਤੇ ਵੀ ਕੋਈ ਉਨ੍ਹਾਂ ਨੂੰ ਜਵਾਬ ਨਹੀਂ ਮਿਲਿਆ।
ਸੁਤੰਤਰ ਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਇਹ ਵਿਸ਼ਵਾਸ ਦਿੱਤਾ ਗਿਆ ਸੀ ਕਿ ਜੋ ਇਹ ਨਾਜਾਇਜ਼ ਕਬਜ਼ੇ ਹੋਏ ਹਨ, ਉਨ੍ਹਾਂ ਨੂੰ ਛੇਤੀ ਤੋਂ ਛੇਤੀ ਹਟਾਇਆ ਜਾਵੇਗਾ, ਪਰ ਅਜੇ ਤੱਕ ਉਨ੍ਹਾਂ ਨਾਜਾਇਜ਼ ਕਬਜ਼ੇ ਨੂੰ ਹਟਾਇਆ ਨਹੀਂ ਗਿਆ। ਹੁਣ ਉੱਥੇ ਹੋਰ ਵੀ ਲੋਕਾਂ ਵੱਲੋਂ ਧਰਮ ਦੇ ਨਾਂਅ 'ਤੇ ਨਾਜਾਇਜ਼ ਕਬਜ਼ੇ ਕੀਤੇ ਜਾ ਰਹੇ ਹਨ ਜਿਨ੍ਹਾਂ ਵੱਲ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ।
ਇਹ ਵੀ ਪੜੋ: ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੀਐਮ ਮੋਦੀ ਨੇ ਕੀਤਾ ਸੰਬੋਧਨ
ਉਨ੍ਹਾਂ ਕਿਹਾ ਕਿ ਮੰਡੀ ਗੋਵਿੰਦਗੜ੍ਹ ਵਿੱਚ ਪੈਂਦੇ ਸੂਏ 'ਤੇ ਲੋਕਾਂ ਵੱਲੋਂ ਨਾਜਾਇਜ਼ ਕਬਜ਼ੇ ਕੀਤੇ ਗਏ ਹਨ। ਇਸ ਕਾਰਨ ਆਏ ਦਿਨ ਟ੍ਰੈਫ਼ਿਕ ਦੀ ਸਮੱਸਿਆ ਹੁੰਦੀ ਹੈ ਅਤੇ ਕੋਈ ਦੁਰਘਟਨਾ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਅਜਿਹਾ ਨਹੀਂ ਕਰਦਾ ਤਾਂ ਉਨ੍ਹਾਂ ਵੱਲੋਂ ਧਰਨਾ ਜਾਰੀ ਰਹੇਗਾ।