ਫ਼ਤਿਹਗੜ੍ਹ: ਕੋਰੋਨਾ ਵਾਇਰਸ ਕਾਰਨ ਲਗਾਏ ਗਏ ਲੌਕਡਾਊਨ ਨੇ ਦੇਸ਼ ਭਰ ਦੇ ਹਰੇਕ ਖੇਤਰ ਨੂੰ ਪ੍ਰਭਾਵਿਤ ਕੀਤਾ ਹੈ। ਸਾਰੇ ਹੀ ਉਦਯੋਗ ਆਰਥਿਕ ਸੰਕਟ ਵਿੱਚੋਂ ਗੁਜ਼ਰ ਰਹੇ ਹਨ। ਪਰ ਇਸ ਮਹਾਂਮਾਰੀ ਦੀ ਮਾਰ ਸਭ ਤੋਂ ਜ਼ਿਆਦਾ ਮੱਧ ਵਰਗੀ, ਗ਼ਰੀਬ ਅਤੇ ਦਿਹਾੜੀਦਾਰ ਕਾਮਿਆਂ ਆਦਿ 'ਤੇ ਪਈ ਹੈ।
ਪੰਜਾਬ ਭਰ ਦੇ ਆਟੋ ਚਾਲਕ ਵੀ ਕੋਰੋਨਾ ਮਹਾਂਮਾਰੀ ਕਾਰਨ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧੀ ਈਟੀਵੀ ਭਾਰਤ ਵੱਲੋਂ ਇਨ੍ਹਾਂ ਦੀਆਂ ਮੁਸ਼ਕਲਾਂ ਲੋਕਾਂ ਸਾਹਮਣੇ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ। ਗੱਲਬਾਤ ਕਰਦਿਆਂ ਫ਼ਤਿਹਗੜ੍ਹ ਸਾਹਿਬ ਦੇ ਕੁੱਝ ਆਟੋ ਚਾਲਕਾਂ ਨੇ ਕਿਹਾ ਕਿ ਲੌਕਡਾਊਨ ਕਾਰਨ ਉਨ੍ਹਾਂ ਨੂੰ ਸਵਾਰੀਆਂ ਨਹੀਂ ਮਿਲਦੀਆਂ ਅਤੇ ਪਿਛਲੇ ਕੁੱਝ ਦਿਨ ਕੰਮ ਬਿਲਕੁਲ ਠੱਪ ਰਹਿਣ ਕਾਰਨ ਉਨ੍ਹਾਂ ਦਾ ਘਰ ਦਾ ਗੁਜ਼ਾਰਾ ਵੀ ਮੁਸ਼ਕਲ ਨਾਲ ਹੋਇਆ।
ਇਨ੍ਹਾਂ ਵਿੱਚੋਂ ਜ਼ਿਆਦਾਤਰ ਨੇ ਕਿਹਾ ਕਿ ਉਨ੍ਹਾਂ ਨੇ ਲੋਨ 'ਤੇ ਆਟੋ ਖ਼ਰੀਦੇ ਹਨ ਜਾਂ ਉਹ ਕਿਰਾਏ ਦੇ ਮਕਾਨਾਂ ਵਿੱਚ ਰਹਿ ਰਹੇ ਹਨ। ਆਮਦਨ ਨਾ ਹੋਣ ਕਾਰਨ ਉਹ ਕਿਰਾਇਆ ਦੇਣ ਜਾਂ ਕਿਸ਼ਤਾਂ ਭਰਨ ਵਿੱਚ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਘੜੀ ਵਿੱਚ ਸਰਕਾਰ ਨੇ ਵੀ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ।