ਸ੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ, ਜਗਤ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ 26 ਦਸੰਬਰ ਤੋਂ 28 ਦਸੰਬਰ ਤੱਕ ਸਲਾਨਾ ਸ਼ਹੀਦੀ ਜੋੜ ਮੇਲਾ ਲੱਗਣਾ ਹੈ। ਇਸ ਸਲਾਨਾ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀ ਵੱਡੀ ਗਿਣਤੀ ਵਿੱਚ ਸੰਗਤਾਂ ਵਾਸਤੇ ਵੱਖ-ਵੱਖ ਲੰਗਰ ਕਮੇਟੀਆਂ ਵੱਲੋਂ ਲੰਗਰ ਲਗਾਏ ਜਾ ਰਹੇ ਹਨ। ਜਿਸ ਦੀਆਂ ਤਿਆਰੀਆਂ ਲੰਗਰ ਲਗਾਉਣ ਵਾਲੀਆਂ ਕਮੇਟੀਆਂ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਅਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਸ਼ਹੀਦੀ ਸਿੰਘ ਸਭਾ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ ਅਤੇ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਸ੍ਰੀ ਫਤਿਹਗੜ੍ਹ ਸਾਹਿਬ ਤੇ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਤੱਕ ਲਿਆਉਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਮੈਡੀਕਲ ਸਹੂਲਤਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਉੱਤਰ-ਪੂਰਬੀ ਦਿੱਲੀ ਵਿੱਚ ਧਾਰਾ 144 ਲਾਗੂ
ਇਸ ਦੇ ਨਾਲ ਹੀ ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਆਵਾਜਾਈ ਦੇ ਬਦਲਵੇਂ ਰੂਟ ਬਣਾਏ ਗਏ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਤੇ ਵਾਹਨਾ ਲਈ ਸਪੈਸ਼ਲ ਪਾਰਕਿੰਗ ਜੋਨ ਵੀ ਬਣਾਏ ਜਾ ਰਹੇ ਹਨ।