ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਸਰੂਪਾਂ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਿੱਖ ਸੰਗਤ ਦੇ ਵੱਲੋਂ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਰ੍ਹਾਂ ਹੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵਿੱਚ ਪੰਥਕ ਅਕਾਲੀ ਲਹਿਰ ਦੇ ਵੱਲੋਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੁਖਬੀਰ ਬਾਦਲ ਦੇ ਪੁਤਲੇ ਫੂਕੇ ਗਏ।
ਇਸ ਮੌਕੇ ਗੱਲਬਾਤ ਕਰਦੇ ਹੋਏ ਪੰਥਕ ਅਕਾਲੀ ਲਹਿਰ ਦੇ ਨੌਜਵਾਨ ਆਗੂ ਧਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਦੇ ਸਬੰਧੀ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੁਖਬੀਰ ਬਾਦਲ ਦੇ ਪੁਤਲੇ ਫੂਕੇ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਪਹਿਲਾਂ ਗਾਇਬ ਹੋਏ ਸਰੂਪਾਂ ਦੀ ਜੋ ਜਾਂਚ ਹੋਈ ਹੈ। ਉਹ ਸੰਤੁਸ਼ਟੀਜਨਕ ਨਹੀਂ ਹੈ। ਇਸ ਦੀ ਜਾਂਚ ਦੁਬਾਰਾ ਹੋਣੀ ਚਾਹੀਦੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਿਵੇਂ ਗਾਇਬ ਹੋਏ ਹਨ ਅਤੇ ਕਿਸ ਨੇ ਗਾਇਬ ਕੀਤੇ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੋ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਸਰੂਪਾਂ ਦੀ ਜਾਂਚ ਨਹੀਂ ਕਰ ਸਕਦੇ, ਉਹ ਸਿੱਖ ਦੀਆਂ ਪੱਗਾਂ ਲਾ ਰਹੇ ਹਨ ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ।
ਇਸ ਮੌਕੇ ਹੋਰ ਆਗੂਆਂ ਨੇ ਕਿਹਾ ਕਿ ਗੋਬਿੰਦ ਸਿੰਘ ਲੌਂਗੋਵਾਲ ਨੂੰ ਖੁਦ ਹੀ ਅਸਤੀਫਾ ਦੇ ਦੇਣਾ ਚਾਹੀਦਾ ਹੈ ਤੇ ਉਨ੍ਹਾਂ ਦੀ ਜਗ੍ਹਾ ਕਿਸੇ ਅਜਿਹੇ ਪ੍ਰਧਾਨ ਨੂੰ ਚੁਣਨਾ ਚਾਹੀਦਾ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰੱਖਿਆ ਕਰ ਸਕੇ।