ਫ਼ਤਿਹਗੜ੍ਹ ਸਾਹਿਬ: ਪਿਛਲੇ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦੇ ਰੋਸ ਵਜੋਂ ਸੋਮਵਾਰ ਨੂੰ ਜ਼ਿਲ੍ਹਾ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਭਾਸ਼ ਸੂਦ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਫ਼ਤਹਿਗੜ੍ਹ ਸਾਹਿਬ, ਬਸੀ ਪਠਾਣਾਂ ਅਤੇ ਅਮਲੋਹ ਦੇ ਵਿਧਾਇਕਾਂ ਨੇ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਹਲਕਾ ਅਮਲੋਹ ਦੇ ਵਿਧਾਇਕ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿਰੰਤਰ ਵਧਾਏ ਜਾ ਰਹੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਨਾਲ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਕਰੋਨਾ ਦਾ ਸੰਤਾਪ ਭੋਗ ਰਹੇ ਹਨ ਅਤੇ ਹੁਣ ਕਿਸਾਨੀ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਡੁੱਬਦੀ ਜਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਡੀਜ਼ਲ ਅਤੇ ਪੈਟਰੋਲ ਦੀਆਂ ਵੱਧਦੀਆਂ ਕੀਮਤਾਂ ਨੂੰ ਘੱਟ ਕੀਤਾ ਜਾਵੇ।