ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ ਕਰਕੇ ਵਿਦੇਸ਼ਾਂ ਵਿੱਚ ਫੱਸੇ ਭਾਰਤੀਆਂ ਦੀ ਵਾਪਸੀ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਕਈ ਲੋਕ ਖ਼ਾਸਕਰ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਨਿਵਾਸੀ ਵਿਦੇਸ਼ਾਂ ਵਿੱਚ ਘੁੰਮਣ ਗਏ ਹੋਏ ਸਨ, ਉਹ ਵੀ ਪਰਤਣੇ ਸ਼ੁਰੂ ਹੋ ਗਏ ਹਨ।
ਇਸੇ ਤਰ੍ਹਾਂ 3 ਦਰਜਨ ਦੇ ਲਗਭਗ ਵਿਦੇਸ਼ਾਂ ਵਿੱਚ ਘੁੰਮਣ ਗਏ ਪੰਜਾਬੀ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ ਹਨ। ਹੁਣ ਇਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਇਕਾਂਤਵਾਸ ਵਿੱਚ ਰੱਖਿਆ ਗਿਆ ਹੈ ਤੇ ਇਨ੍ਹਾਂ ਦੇ ਟੈਸਟ ਵੀ ਲੈ ਲਏ ਗਏ ਹਨ। ਕੈਨੇਡਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਆਏ ਵਿਅਕਤੀ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਕੈਨੇਡਾ ਗਿਆ ਸੀ ਤੇ ਉੱਥੇ ਹੀ ਲੌਕਡਾਊਨ ਕਾਰਨ ਫੱਸ ਕੇ ਰਹਿ ਗਿਆ, ਜਿਸ ਕਾਰਨ ਉਸ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ।
ਆਸਟਰੇਲੀਆ ਦੇ ਮੈਲਬੋਰਨ ਵਿੱਚ ਫ਼ੱਸੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਵਕੀਲ ਭਰਤ ਵਰਮਾ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਈ ਸੀ ਤੇ ਉਸ ਨੇ ਦੱਸਿਆ ਸੀ ਕਿ ਉਹ ਆਪਣੇ ਪਰਿਵਾਰ ਸਮੇਤ ਆਸਟਰੇਲੀਆ ਘੁੰਮਣ ਗਏ ਸੀ ਤੇ ਲੌਕਡਾਊਨ ਹੋਣ ਕਾਰਨ ਉੱਥੇ ਫੱਸੇ ਕੇ ਰਹਿ ਗਏ। ਇਸ ਤੋਂ ਬਾਅਦ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਫੱਸੇ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ।
ਉਨ੍ਹਾਂ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚਣ 'ਤੇ ਮੀਡੀਆ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਹੋਰ ਸੈਂਕੜੇ ਪੰਜਾਬੀ ਜੋ ਆਸਟਰੇਲੀਆ ਦੇ ਨਾਲ ਨਾਲ ਹੋਰਾਂ ਦੇਸ਼ਾਂ ਵਿੱਚ ਫੱਸੇ ਹੋਏ ਹਨ ਉਨ੍ਹਾਂ ਨੂੰ ਵੀ ਵਾਪਸ ਬੁਲਾਇਆ ਜਾਵੇ।