ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੱਗੇ ਲੌਕਡਾਊਨ ਕਾਰਨ ਪੰਜਾਬ ਦੀ ਇੰਡਸਟਰੀ ਅਤੇ ਵਪਾਰ ਇੱਕ ਅਣਕਿਆਸੇ ਤੇ ਵੱਡੇ ਸੰਕਟ ਵਿੱਚੋਂ ਲੰਘ ਰਿਹਾ ਹੈ। ਸਮੁੱਚੇ ਉਦਯੋਗਿਕ ਖੇਤਰ ਦਾ ਕੰਮ ਠੱਪ ਹੋਣ ਕਾਰਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਵੱਲੋਂ ਉਦਯੋਗਪਤੀਆਂ ਅਤੇ ਵਪਾਰੀਆਂ ਸਮੇਤ ਮੰਡੀ ਗੋਬਿੰਦਗੜ੍ਹ ਦੇ ਵਪਾਰ ਨੂੰ ਮੁੜ ਲੀਹਾਂ 'ਤੇ ਲਿਆਉਣ ਲਈ ਪੰਜਾਬ ਦੇ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਿਹਗੜ੍ਹ ਸਾਹਿਬ ਨੂੰ ਇੱਕ ਮੰਗ ਪੱਤਰ ਦਿੱਤਾ ਹੈ।
ਅਕਾਲੀ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਡੀਸੀ ਫ਼ਤਿਹਗੜ੍ਹ ਸਾਹਿਬ ਨੂੰ ਦਿੱਤੇ ਗਏ ਮੰਗ ਪੱਤਰ ਵਿੱਚ ਕਿਹਾ ਕਿ ਕੱਚੇ ਮਾਲ ਦੀ ਸਪਲਾਈ ਤੋਂ ਲੈ ਕੇ ਲੇਬਰ ਦੇ ਭੱਜ ਜਾਣ ਤੱਕ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਤੋਂ ਉਦਯੋਗਪਤੀ ਪੀੜਤ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਦੇ ਬਾਵਜੂਦ ਪੰਜਾਬ ਸਰਕਾਰ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਲਈ ਕੋਈ ਰਾਹਤ ਪੈਕੇਜ ਨਹੀਂ ਐਲਾਨਿਆ।
ਇਹ ਵੀ ਪੜ੍ਹੋ: 4 ਦਿਨ ਤੋਂ ਹਸਪਤਾਲ ਬਾਹਰ ਪਏ ਮਰੀਜ਼ ਦੀ ਕਿਸੇ ਨੇ ਨਹੀਂ ਲਈ ਸਾਰ
ਰਾਜੂ ਖੰਨਾ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਅਪੀਲ ਕਰਦਿਆਂ ਕਿਹਾ ਕਿ ਵਪਾਰਕ ਨੀਤੀ ਵਿੱਚ ਤਬਦੀਲੀ ਕੀਤੀ ਜਾਵੇ ਤਾਂ ਜੋ ਇਹ ਸੈਕਟਰ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਹੋ ਸਕੇ।
ਇਸ ਮੌਕੇ ਉਦਯੋਗਪਤੀਆਂ ਨੇ ਦੱਸਿਆ ਕਿ ਸੰਕਟ ਦੇ ਸਮੇਂ ਵਿੱਚ ਵੀ ਸਰਕਾਰ ਵੱਲੋਂ ਬਿਜਲੀ ਦੇ ਬਿੱਲ ਵਸੂਲੇ ਜਾ ਰਹੇ ਹਨ ਜਦਕਿ ਉਨ੍ਹਾਂ ਦੇ ਉਦਯੋਗਾਂ ਨੂੰ ਤਾਲਾ ਲੱਗਿਆ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਲੇਬਰ ਨੂੰ ਵੀ ਤਨਖ਼ਾਹਾਂ ਦੇਣੀਆਂ ਪੈ ਰਹੀਆਂ ਹਨ। ਸਰਕਾਰ ਨੂੰ ਉਦਯੋਗਾਂ ਨੂੰ ਮੁੜ ਲੀਹ 'ਤੇ ਲਿਆਉਣ ਲਈ ਬਾਕੀ ਰਾਜਾਂ ਵਾਂਗੂ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ।